ਪਟਿਆਲਾ: ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਸੀਨੀਅਰ ਸੈਕੰਡਰੀ ਮੌਡਰਨ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਇਸ ਸਮਾਗਮ ਦੀ ਪ੍ਰਧਾਨਗੀ ਡਾ. ਇੰਦਰਪ੍ਰੀਤ ਰੰਧਾਵਾ, ਅਸਿਸਟੈਂਟ ਹੈਲਥ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ, ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਡਾ. ਸੁਨੰਦਾ, ਡਿਪਟੀ ਜਿਲ੍ਹਾ ਹੈਲਥ ਅਫਸਰ ਵੱਲੋਂ ਕੀਤੀ ਗਈ। ਇਸ ਮੌਕੇ ਮਾਤਾ ਲਕਸ਼ਮੀ ਬਾਈ ਡੈਂਟਲ ਕਾਲਜ ਦੀ ਟੀਮ ਨੇ ਵੀ ਸਿਵਲ ਸਰਜਨ ਦਫ਼ਤਰ ਨਾਲ ਮਿਲ ਕੇ ਸਰਗਰਮ ਭੂਮਿਕਾ ਨਿਭਾਈ।
ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੇ ਸੇਵਨ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਰੋਗਾਂ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣਦੀ ਹੈ। ਓਹਨਾ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਵੀ ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਾਰੇ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ “ਤੰਬਾਕੂ ਨਾ ਵਰਤਣ” ਦੀ ਸਹੁੰ ਵੀ ਚੁੱਕੀ ਗਈ। ਸਮਾਗਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ।
ਸਿਵਲ ਸਰਜਨ ਦਫ਼ਤਰ ਦੇ ਸ਼੍ਰੀ ਬਲਜਿੰਦਰ ਠਾਕੁਰ ਅਤੇ ਡਾ. ਸਵਿਤਾ ਨੇ ਵੀ ਆਪਣੇ ਪ੍ਰਭਾਵਸ਼ਾਲੀ ਲੈਕਚਰਾਂ ਅਤੇ ਕਵਿਤਾਵਾਂ ਰਾਹੀਂ ਤੰਬਾਕੂ ਮੁਕਤ ਜੀਵਨ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਕੇ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰੇਰਿਤ ਕਰਨਾ ਸੀ।



