Home Punjab Malerkotla ਪੱਛੜੀਆਂ ਸ਼੍ਰੇਣੀਆਂ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾਵੇ –...

ਪੱਛੜੀਆਂ ਸ਼੍ਰੇਣੀਆਂ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਯਕੀਨੀ ਬਣਾਇਆ ਜਾਵੇ – ਡਾ. ਮਲਕੀਤ ਸਿੰਘ ਥਿੰਦ

0
1

* ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਭਲਾਈ ਸਕੀਮਾਂ ਦੀ ਪ੍ਰਗਤੀ
ਦਾ ਜਾਇਜ਼ਾ, ਅਧਿਕਾਰੀਆਂ ਨੂੰ  ਭਲਾਈ ਸਕੀਮਾਂ ਦੀ ਜਾਗਰੂਕਤਾ ਵਧਾਉਣ ਦੀਆਂ ਹਦਾਇਤਾਂ
• ਸਰਕਾਰੀ ਭਲਾਈ ਸਕੀਮਾਂ ਦਾ ਲਾਭ ਆਖ਼ਰੀ ਯੋਗ ਵਿਅਕਤੀ ਤੱਕ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ : ਡਾ. ਜਮੀਲ ਉਰ ਰਹਿਮਾਨ
ਮਾਲੇਰਕੋਟਲਾ :
ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਡਾ. ਮਲਕੀਤ ਸਿੰਘ ਥਿੰਦ ਨੇ ਸਥਾਨਕ ਨਗਰ ਕੌਂਸਲ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਪੱਛੜੀਆਂ ਸ਼੍ਰੇਣੀਆਂ ਲਈ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਾ. ਥਿੰਦ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਗਨ ਸਕੀਮ, ਸਕਾਲਰਸ਼ਿਪਾਂ, ਪੱਛੜੀ ਸ਼੍ਰੇਣੀ ਸਰਟੀਫਿਕੇਟ ਅਤੇ ਹੋਰ ਲੋਕ-ਭਲਾਈ ਯੋਜਨਾਵਾਂ ਬਾਰੇ ਪਿੰਡ ਅਤੇ ਵਾਰਡ ਪੱਧਰ ’ਤੇ ਜਾਗਰੂਕਤਾ ਵਧਾਉਣ ਦੀ ਲੋੜ ਹੈ ਤਾਂ ਜੋ ਕੋਈ ਵੀ ਯੋਗ ਵਿਅਕਤੀ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੀ ਰੱਖਿਆ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਅਧਿਕਾਰੀਆਂ ਨੂੰ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਵੀ ਦਿੱਤੇ।
ਇਸ ਮੌਕੇ ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ ਕਲਿਆਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ,ਰੁਜ਼ਗਾਰ,ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਰਾਹੀਂ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਨੂੰ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਲਾਭ ਉਦੋਂ ਹੀ ਸੰਭਵ ਹੈ ਜਦੋਂ ਉਨ੍ਹਾਂ ਦੀ ਜਾਣਕਾਰੀ ਆਖ਼ਰੀ ਵਿਅਕਤੀ ਤੱਕ ਪਹੁੰਚੇ, ਇਸ ਲਈ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ ਤਾਂ ਜੋ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਰਥਿਕ ਅਤੇ ਸਮਾਜਿਕ ਸਥਿਤੀ ਵਿੱਚ ਹੋਰ ਸੁਧਾਰ ਲਿਆਂਦਾ ਜਾ ਸਕੇ।
ਇਸ ਮੌਕੇ ਚੇਅਰਪਰਸਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਤਿਆਜ ਅਲੀ, ਡਾ.ਮੁਹੰਮਦ ਰਮਜਾਨ ਚੌਧਰੀ, ਮੁਹੰਮਦ ਖਲੀਲ,ਪ੍ਰਧਾਨ ਰਾਮਗੜੀਆ ਵੈਲਫੇਅਰ ਸੁਸਾਇਟੀ ਪੰਜਾਬ ਜਸਵੀਰ ਸਿੰਘ ਜੱਸੀ, ਪ੍ਰਧਾਨ ਕੰਬੋਜ ਫੋਰਸ ਅਬਦੁਲ ਹਮੀਦ,ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਮੁਕਲ ਬਾਵਾ,ਡੀ.ਐਸ.ਪੀ. ਸਤੀਸ਼ ਕੁਮਾਰ, ਕਾਰਜ ਸਾਧਕ ਅਫਸਰ ਮਾਲੇਰਕੋਟਲਾ ਚੰਦਰ ਪ੍ਰਕਾਸ਼ ਵਧਵਾ, ਤਹਿਸੀਲ ਵੈਲਫੇਅਰ ਅਫ਼ਸਰ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ, ਡੀ.ਐਫ.ਪੀ.ਓ ਡਾ. ਸੀਮਾਂ ਜੱਸਲ, ਸਿੱਖਿਆ ਵਿਭਾਗ ਤੋਂ ਪ੍ਰਿੰਸੀਪਲ ਚਰਨਜੀਤ ਵਾਤਿਸ, ਲੀਡ ਬੈਂਕ ਮੈਨੇਜਰ ਰਾਜੇਸ਼ ਕੁਮਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕ ਅਤੇ ਐਸੋਸੀਏਸ਼ਨਾਂ ਦੇ ਨੁਮਾਇੰਦੇ ਵੀ ਮੌਜੂਦ ਸਨ ।

NO COMMENTS

LEAVE A REPLY

Please enter your comment!
Please enter your name here