ਟਰੇਡਰਜ਼ ਕਮਿਸ਼ਨ ਵੱਲੋਂ ਨਾਭਾ ਹਲਕੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬੈਠਕ। ਵਪਾਰੀਆਂ ਦੀ ਹਰ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਵਿਧਾਨ ਸਭਾ ਪੱਧਰ ‘ਤੇ ਕਮਿਸ਼ਨਾਂ ਦਾ ਗਠਨ ਕੀਤਾ-ਭੁਪਿੰਦਰ ਕੌਸ਼ਲ। ਵਪਾਰੀਆਂ ਨੇ ਬੈਠਕ ‘ਚ ਦੱਸੀਆਂ ਆਪਣੀਆਂ ਮੁਸ਼ਕਲਾਂ।
ਪੰਜਾਬ ਸਰਕਾਰ ਵੱਲੋਂ ਹਲਕਾ ਪੱਧਰ ‘ਤੇ ਗਠਿਤ ਪੰਜਾਬ ਟ੍ਰੇਡ ਕਮਿਸ਼ਨ ਹਲਕਾ ਨਾਭਾ ਦੇ ਚੇਅਰਮੈਨ ਭੁਪਿੰਦਰ ਕੌਸ਼ਲ ਦੀ ਪ੍ਰਧਾਨਗੀ ਹੇਠ ਸਥਾਨਕ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਟਰੇਡਰਜ਼ ਕਮਿਸ਼ਨ ਨੇ ਵਪਾਰੀਆਂ ਨਾਲ ਇੱਕ ਮਹੱਤਵਪੂਰਨ ਬੈਠਕ ਕੀਤੀ ਗਈ। ਇਸ ਮੀਟਿੰਗ ਦੌਰਾਨ ਐਸ.ਡੀ.ਐਮ. ਦਫ਼ਤਰ ਨਾਭਾ ਦੇ ਅਧਿਕਾਰੀਆਂ ਸਮੇਤ ਪੰਜਾਬ ਟ੍ਰੇਡ ਕਮਿਸ਼ਨ ਪਟਿਆਲਾ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।
ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੌਲੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਕਰਨਾ ਹੈ, ਤਾਂ ਜੋ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਇਆ ਜਾ ਸਕੇ।
ਨਾਭਾ ਦੇ ਚੇਅਰਮੈਨ ਭੁਪਿੰਦਰ ਕੌਸ਼ਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਨ ਸਭਾ ਹਲਕੇ ਪੱਧਰ ‘ਤੇ ਟਰੇਡਰਜ਼ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ
ਵਪਾਰੀਆਂ ਵੱਲੋਂ ਉਠਾਈਆਂ ਜਾਣ ਵਾਲੀ ਹਰ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਸੰਬੰਧਿਤ ਵਿਭਾਗਾਂ ਦੇ ਸਹਿਯੋਗ ਨਾਲ ਉਨ੍ਹਾਂ ਦਾ ਜਲਦੀ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਵਪਾਰੀ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟਰੇਡਰਜ਼ ਕਮਿਸ਼ਨ ਨਾਲ ਸਿੱਧਾ ਰਾਬਤਾ ਕਰਨ, ਤਾਂ ਜੋ ਉਨ੍ਹਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾ ਸਕੇ।
ਬੈਠਕ ਦੌਰਾਨ ਵਪਾਰੀਆਂ ਵੱਲੋਂ ਵੱਖ-ਵੱਖ ਮੁੱਦੇ ਉਠਾਏ ਗਏ, ਜਿਨ੍ਹਾਂ ਵਿੱਚ ਸੁਰੱਖਿਆ, ਟੈਕਸ, ਲਾਇਸੈਂਸਿੰਗ ਅਤੇ ਹੋਰ ਪ੍ਰਸ਼ਾਸਨਿਕ ਦਿੱਕਤਾਂ ਸ਼ਾਮਲ ਸਨ। ਕਮਿਸ਼ਨ ਮੈਂਬਰਾਂ ਨੇ ਇਹ ਮਸਲੇ ਸੁਣਕੇ ਸੰਬੰਧਿਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਵਪਾਰੀਆਂ ਨੇ ਆਪਣੇ ਮਸਲੇ ਵੀ ਉਠਾਏ ਤੇ ਹੱਲ ਕਰਨ ਦੀ ਮੰਗ ਕੀਤੀ।






