ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਤਪਦੀ ਗਰਮੀ ਵਿਚਕਾਰ ਰਾਹਤ ਭਰੀ ਖ਼ਬਰ ਹੈ। ਅੱਜ ਸਵੇਰੇ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਅਤੇ ਤੇਜ਼ ਹਨੇਰੀ ਨੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ। ਮੌਸਮ ਵਿਭਾਗ ਨੇ 11 ਤੋਂ 14 ਜੂਨ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ, ਗਰਜ-ਚਮਕ ਅਤੇ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ।
ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਮੁਤਾਬਕ ਬੁੱਧਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ, ਪਰ ਇਹ ਅਜੇ ਵੀ ਆਮ ਨਾਲੋਂ 4.4 ਡਿਗਰੀ ਵੱਧ ਰਿਹਾ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 46.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਗੜੇਮਾਰੀ ਹੋ ਸਕਦੀ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਵੀ ਬਣੀ ਹੋਈ ਹੈ।
ਮੌਸਮ ਮਾਹਿਰਾਂ ਅਨੁਸਾਰ ਦੱਖਣ-ਪੱਛਮੀ ਮਾਨਸੂਨ ਲਗਾਤਾਰ ਅੱਗੇ ਵਧ ਰਿਹਾ ਹੈ ਅਤੇ ਅਗਲੇ ਤਿੰਨ ਤੋਂ ਚਾਰ ਦਿਨਾਂ ਵਿੱਚ ਮਹਾਰਾਸ਼ਟਰ, ਤੇਲੰਗਾਨਾ, ਆਂਧਰਾ ਪ੍ਰਦੇਸ਼, ਓਡੀਸ਼ਾ, ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਹੋਰ ਖੇਤਰਾਂ ਤੱਕ ਪਹੁੰਚ ਸਕਦਾ ਹੈ। ਹਾਲਾਂਕਿ ਮਾਨਸੂਨ ਅਜੇ ਪੰਜਾਬ ਨਹੀਂ ਪਹੁੰਚਿਆ, ਪਰ ਪੰਜਾਬ ਤੋਂ ਬਿਹਾਰ ਤੱਕ ਫੈਲੀ ਇੱਕ ਮੌਸਮੀ ਪ੍ਰਣਾਲੀ ਅਤੇ ਸਰਗਰਮ ਪੱਛਮੀ ਗੜਬੜ ਕਾਰਨ ਸੂਬੇ ਵਿੱਚ ਅਗਲੇ ਕੁਝ ਦਿਨ ਮੌਸਮ ਅਸਥਿਰ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਖ਼ਰਾਬ ਮੌਸਮ ਦੌਰਾਨ ਸਾਵਧਾਨ ਰਹਿਣ, ਖੁੱਲ੍ਹੇ ਖੇਤਰਾਂ ਵਿੱਚ ਜਾਣ ਤੋਂ ਬਚਣ ਅਤੇ ਬਿਜਲੀ ਚਮਕਣ ਸਮੇਂ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।









