ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਬਹਿਸ ਵਿੱਚ ਇਸ ਲਈ ਹਿੱਸਾ ਨਹੀਂ ਲਿਆ ਕਿਉਂਕਿ ਉਹ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬੀ ਵਿੱਚ ਧੱਕਣ ਵਾਲੀਆਂ ਰਵਾਇਤੀ ਪਾਰਟੀਆਂ ਹੁਣ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।
ਵਿੱਤੀ ਸਾਲ 2026-27 ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਬਜਟ ‘ਤੇ ਚਰਚਾ ਸਮਾਪਤ ਕਰਦਿਆਂ ਮੁੱਖ ਮੰਤਰੀ ਨੇ ਇਸਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਭਗਤ ਸਿੰਘ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਵੱਡਾ ਕਦਮ ਹੈ।
ਮਹਿਲਾਵਾਂ ਅਤੇ ਗਰੀਬ ਪਰਿਵਾਰਾਂ ਲਈ ਵੱਡੇ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ 97% ਮਹਿਲਾਵਾਂ ਨੂੰ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਮਿਲੇਗਾ। 40 ਲੱਖ ਪਰਿਵਾਰਾਂ ਨੂੰ ‘ਮੇਰੀ ਰਸੋਈ’ ਸਕੀਮ ਤਹਿਤ ਮੁਫ਼ਤ ਰਾਸ਼ਨ ਦਿੱਤਾ ਜਾਵੇਗਾ ਅਤੇ 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਤੋਂ ਵੱਧ ਓਪੀਡੀ ਦਰਜ ਹੋ ਚੁੱਕੀਆਂ ਹਨ।
ਸਿੱਖਿਆ ਅਤੇ ਸਿਹਤ ਖੇਤਰ ਵਿੱਚ ਤਰੱਕੀ
ਉਨ੍ਹਾਂ ਕਿਹਾ ਕਿ ਸੂਬੇ ਵਿੱਚ 7 ਨਵੇਂ ਮੈਡੀਕਲ ਕਾਲਜ ਬਣ ਰਹੇ ਹਨ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ। ਇਸ ਨਾਲ ਐਮਬੀਬੀਐਸ ਦੀਆਂ 600 ਨਵੀਆਂ ਸੀਟਾਂ ਵਧਣਗੀਆਂ। ਸਕੂਲ ਆਫ ਐਮੀਨੈਂਸ ਰਾਹੀਂ ਗਰੀਬ ਪਰਿਵਾਰਾਂ ਦੇ ਬੱਚੇ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਰੋਜ਼ਗਾਰ ਅਤੇ ਸੁਰੱਖਿਆ
ਮੁੱਖ ਮੰਤਰੀ ਨੇ ਦੱਸਿਆ ਕਿ ਲਗਭਗ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਹੁਸ਼ਿਆਰਪੁਰ ਵਿੱਚ ਸਰਦਾਰ ਬਹਾਦਰ ਅਮੀਨ ਚੰਦ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੀ ਤਿਆਰ ਹੋ ਚੁੱਕਾ ਹੈ।
ਧਰਤੀ ਹੇਠਲੇ ਪਾਣੀ ਬਾਰੇ ਚੰਗੀ ਖ਼ਬਰ
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਭੂਜਲ ਬੋਰਡ ਦੇ ਅੰਕੜਿਆਂ ਅਨੁਸਾਰ ਪੰਜਾਬ ਦੇ 57% ਮਾਪ ਕੇਂਦਰਾਂ ਵਿੱਚ ਪਾਣੀ ਦਾ ਪੱਧਰ 0 ਤੋਂ 4 ਮੀਟਰ ਤੱਕ ਵਧਿਆ ਹੈ, ਜੋ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਯੋਜਨਾ ਦਾ ਨਤੀਜਾ ਹੈ।
ਧਾਰਮਿਕ ਅਤੇ ਸੱਭਿਆਚਾਰਕ ਪਹਿਲਕਦਮੀਆਂ
ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰੂ ਰਵੀਦਾਸ ਜੀ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ 100 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ।
ਵਿਰੋਧੀ ਧਿਰ ‘ਤੇ ਤਨਜ਼
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਹਰ ਫੈਸਲੇ ਵਿੱਚ ਨੁਕਸ ਕੱਢਦੀਆਂ ਹਨ ਪਰ ਲੋਕਾਂ ਦੀ ਅਦਾਲਤ ਵਿੱਚ ਉਨ੍ਹਾਂ ਨੂੰ ਜਵਾਬ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਵੀ ਉਹੀ ਮੁੱਖ ਮੰਤਰੀ ਬਣਨਗੇ ਅਤੇ ਸਰਕਾਰ ਲੋਕ-ਭਲਾਈ ਦੇ ਏਜੰਡੇ ਨਾਲ ਅੱਗੇ ਵਧੇਗੀ।






