ਬਰਨਾਲਾ: ਬਰਨਾਲਾ ਵਿੱਚ ਪਾਣੀ ਵਾਲੀ ਟੈਂਕੀ ’ਤੇ ਚੜ੍ਹੀਆਂ ਤਿੰਨ ਪੀੜਤ ਲੜਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀ.ਐੱਸ.ਪੀ. ਰਜਿੰਦਰ ਸਿੰਘ ਮੌਕੇ ’ਤੇ ਪਹੁੰਚੇ ਅਤੇ ਲੜਕੀਆਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਸੁਣੀਆਂ।
ਐੱਸ.ਪੀ.ਡੀ. ਸੰਜੀਵ ਗੋਇਲ ਨੇ ਦੱਸਿਆ ਕਿ ਮਾਮਲਾ ਐੱਸ.ਐੱਸ.ਪੀ. ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਲੜਕੀਆਂ ਦੇ ਬਿਆਨਾਂ ਅਤੇ ਪਹਿਲਾਂ ਦਿੱਤੀਆਂ ਦਰਖਾਸਤਾਂ ਦੇ ਆਧਾਰ ’ਤੇ ਦਲਵਿੰਦਰ ਸਿੰਘ ਅਤੇ ਇਕਬਾਲ ਸਿੰਘ ਵਾਸੀ ਰਾਏਕੋਟ ਖ਼ਿਲਾਫ਼ ਐੱਫ.ਆਈ.ਆਰ. ਨੰਬਰ 72 ਅਤੇ 73 ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਤੀਜੀ ਲੜਕੀ ਦੀ ਸ਼ਿਕਾਇਤ ’ਤੇ ਪ੍ਰਦੀਪ ਕੁਮਾਰ ਚੌਹਾਨ ਵਾਸੀ ਬਰਨਾਲਾ ਖ਼ਿਲਾਫ਼ ਐੱਫ.ਆਈ.ਆਰ. ਨੰਬਰ 410 ਦਰਜ ਕੀਤੀ ਗਈ ਹੈ।
ਪੁਲਿਸ ਅਨੁਸਾਰ ਲੜਕੀਆਂ ਦੀ ਮੈਡੀਕਲ ਜਾਂਚ ਕਰਵਾਉਣ ਅਤੇ ਅਦਾਲਤ ਵਿੱਚ ਧਾਰਾ 164 ਤਹਿਤ ਬਿਆਨ ਦਰਜ ਕਰਵਾਉਣ ਲਈ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਲਈ ਕਾਨੂੰਨੀ ਕਾਰਵਾਈ ਵੀ ਤੇਜ਼ ਕਰ ਦਿੱਤੀ ਹੈ।






