Monday, September 7, 2026
Home Punjab ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ’, ਸੰਸਦੀ ਕਮੇਟੀ ਰਹੀ ਪਹਿਲੇ...

ਚਰਨਜੀਤ ਸਿੰਘ ਚੰਨੀ ਨੂੰ ਮਿਲੇਗਾ ‘ਸੰਸਦ ਰਤਨ ਐਵਾਰਡ’, ਸੰਸਦੀ ਕਮੇਟੀ ਰਹੀ ਪਹਿਲੇ ਸਥਾਨ ’ਤੇ

0
1

ਚੰਡੀਗੜ੍ਹ: ਪਾਰਲੀਮੈਂਟ ਦੀ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ‘ਸੰਸਦ ਰਤਨ ਐਵਾਰਡ’ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਉਨ੍ਹਾਂ ਦੀ ਅਗਵਾਈ ਵਾਲੀ ਸੰਸਦੀ ਸਥਾਈ ਕਮੇਟੀ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਦਿੱਤਾ ਜਾ ਰਿਹਾ ਹੈ।

ਖਾਸ ਗੱਲ ਇਹ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਪਿਛਲੇ ਸਾਲ ਵੀ ‘ਸੰਸਦ ਰਤਨ ਐਵਾਰਡ’ ਮਿਲਿਆ ਸੀ। ਹਾਲਾਂਕਿ ਪਿਛਲਾ ਸਨਮਾਨ ਉਨ੍ਹਾਂ ਦੀ ਲੋਕ ਸਭਾ ਵਿੱਚ ਵਿਅਕਤੀਗਤ ਕਾਰਗੁਜ਼ਾਰੀ ਦੇ ਆਧਾਰ ’ਤੇ ਦਿੱਤਾ ਗਿਆ ਸੀ, ਜਦਕਿ ਇਸ ਵਾਰ ਉਨ੍ਹਾਂ ਨੂੰ ਕਮੇਟੀ ਦੇ ਚੇਅਰਮੈਨ ਵਜੋਂ ਸ਼ਾਨਦਾਰ ਕਾਰਗੁਜ਼ਾਰੀ ਲਈ ਇਹ ਸਨਮਾਨ ਮਿਲ ਰਿਹਾ ਹੈ।

ਚੰਨੀ ਨੇ ਬਾਬੂਸ਼ਾਹੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੰਸਦ ਨਾਲ ਜੁੜੀਆਂ ਵੱਖ-ਵੱਖ ਸਥਾਈ ਕਮੇਟੀਆਂ ਦੇ ਕੰਮਕਾਜ ਅਤੇ ਪ੍ਰਦਰਸ਼ਨ ਨੂੰ ਲੈ ਕੇ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਵਿੱਚ ਉਨ੍ਹਾਂ ਦੀ ਅਗਵਾਈ ਵਾਲੀ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸਥਾਈ ਕਮੇਟੀ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਪ੍ਰਾਪਤੀ ਦੇ ਆਧਾਰ ’ਤੇ ਕਮੇਟੀ ਦੇ ਚੇਅਰਮੈਨ ਵਜੋਂ ਉਨ੍ਹਾਂ ਨੂੰ ਇਹ ਵੱਕਾਰੀ ਸਨਮਾਨ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਅਤੇ ਪੇਂਡੂ ਅਰਥਵਿਵਸਥਾ ਨਾਲ ਜੁੜੇ ਮੁੱਦਿਆਂ ’ਤੇ ਕੀਤਾ ਕੰਮ

ਚੰਨੀ ਨੇ ਕਿਹਾ ਕਿ ਸੰਸਦੀ ਕਮੇਟੀਆਂ ਦੇਸ਼ ਦੀਆਂ ਨੀਤੀਆਂ ਅਤੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰੇ ਲਈ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਵਰਗੇ ਖੇਤਰ ਸਿੱਧੇ ਤੌਰ ’ਤੇ ਕਿਸਾਨਾਂ, ਪਸ਼ੂ ਪਾਲਕਾਂ ਅਤੇ ਪੇਂਡੂ ਅਰਥਵਿਵਸਥਾ ਨਾਲ ਜੁੜੇ ਹੋਏ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨਾਲ ਸਬੰਧਤ ਚੁਣੌਤੀਆਂ ਅਤੇ ਮੁੱਦਿਆਂ ਨੂੰ ਸੰਸਦੀ ਪੱਧਰ ’ਤੇ ਗੰਭੀਰਤਾ ਨਾਲ ਉਠਾਉਣ ਲਈ ਕਮੇਟੀ ਦੇ ਮੈਂਬਰਾਂ ਵੱਲੋਂ ਲਗਾਤਾਰ ਕੰਮ ਕੀਤਾ ਗਿਆ। ਕਮੇਟੀ ਦਾ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨਾ ਇਸ ਸਾਂਝੀ ਮਿਹਨਤ ਦੀ ਮਹੱਤਵਪੂਰਨ ਪ੍ਰਾਪਤੀ ਹੈ।

ਚੰਨੀ ਨੇ ਸਨਮਾਨ ਨੂੰ ਦੱਸਿਆ ਸਾਂਝੀ ਪ੍ਰਾਪਤੀ

‘ਸੰਸਦ ਰਤਨ ਐਵਾਰਡ’ ਲਈ ਚੁਣੇ ਜਾਣ ’ਤੇ ਚੰਨੀ ਨੇ ਕਿਹਾ ਕਿ ਇਹ ਸਨਮਾਨ ਸਿਰਫ਼ ਉਨ੍ਹਾਂ ਦਾ ਨਿੱਜੀ ਸਨਮਾਨ ਨਹੀਂ ਹੈ, ਸਗੋਂ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਇਸ ਨਾਲ ਜੁੜੇ ਸਾਰੇ ਲੋਕਾਂ ਦੀ ਸਾਂਝੀ ਪ੍ਰਾਪਤੀ ਹੈ।

ਉਨ੍ਹਾਂ ਕਿਹਾ ਕਿ ਉਹ ਇਸ ਸਨਮਾਨ ਨੂੰ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵਜੋਂ ਵੀ ਦੇਖਦੇ ਹਨ। ਭਵਿੱਖ ਵਿੱਚ ਸੰਸਦੀ ਕਮੇਟੀ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਕਿਸਾਨਾਂ ਤੇ ਪੇਂਡੂ ਖੇਤਰਾਂ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਸਦ ਵਿੱਚ ਉਠਾਉਣ ਲਈ ਯਤਨ ਜਾਰੀ ਰੱਖੇ ਜਾਣਗੇ।

LEAVE A REPLY

Please enter your comment!
Please enter your name here