ਹੁਸ਼ਿਆਰਪੁਰ: 77ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਵਿੱਚ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਅਪਰਾਧ ਦੀ ਦੁਨੀਆ ਛੱਡ ਕੇ ਮੁੱਖ ਧਾਰਾ ਵਿੱਚ ਆ ਜਾਓ, ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ। ਉਨ੍ਹਾਂ ਕਿਹਾ ਕਿ ਅਪਰਾਧੀਆਂ ਦੀ ਮਦਦ ਕਰਨ ਵਾਲਿਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਏਕਤਾ ਅਤੇ ਭਾਈਚਾਰਾ ਹਮੇਸ਼ਾ ਕਾਇਮ ਰਹੇਗਾ।
ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਤਿੰਨਾਂ ਸੈਨਾ ਦਲਾਂ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ 26 ਜਨਵਰੀ 1950 ਨੂੰ ਦੇਸ਼ ਦਾ ਸੰਵਿਧਾਨ ਲਾਗੂ ਹੋਇਆ ਸੀ, ਜੋ ਇਸ ਦਿਨ ਨੂੰ ਖਾਸ ਬਣਾਉਂਦਾ ਹੈ। ਉਨ੍ਹਾਂ ਸੰਵਿਧਾਨ ਦੇ ਰਚੇਤਾ ਬਾਬਾ ਭੀਮ ਰਾਓ ਅੰਬੇਡਕਰ ਦੇ ਸੰਘਰਸ਼ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਵੰਡ ਦੌਰਾਨ ਪੰਜਾਬ ਨੇ ਸਭ ਤੋਂ ਵੱਧ ਦੁੱਖ ਸਹੇ, ਫਿਰ ਵੀ ਪੰਜਾਬੀਆਂ ਨੇ ਦੇਸ਼ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਈ। ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਵਿੱਚ ਪੰਜਾਬ ਸਭ ਤੋਂ ਅੱਗੇ ਰਿਹਾ ਹੈ ਅਤੇ ਅੱਜ ਵੀ ਦੇਸ਼ ਦੇ ਅਨਾਜ ਵਿੱਚ ਲਗਭਗ 60 ਫ਼ੀਸਦੀ ਯੋਗਦਾਨ ਪਾ ਰਿਹਾ ਹੈ। ਪਿਛਲੇ ਸਾਲ ਆਈਆਂ ਭਿਆਨਕ ਹੜ੍ਹਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਆਪਸੀ ਮਦਦ ਅਤੇ ਹੌਸਲੇ ਕਾਰਨ ਸੂਬਾ ਤੇਜ਼ੀ ਨਾਲ ਸੰਭਲ ਗਿਆ।







