ਰਾਜਪੁਰਾ: ਪੰਜਾਬ ਸਰਕਾਰ ਵੱਲੋਂ ਰਾਜਪੁਰਾ ਦੀ ਅਨਾਜ ਮੰਡੀ ਵਿੱਚ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਸਮੇਤ ਕਈ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਸਮਾਗਮ ਵਿੱਚ ਵਿਧਾਇਕ ਦੇਵ ਮਾਨ, ਵਿਧਾਇਕਾ ਨੀਨਾ ਮਿੱਤਲ ਅਤੇ ਸੁਰਜੀਤ ਸਿੰਘ ਰੱਖੜਾ ਵੀ ਮੌਜੂਦ ਰਹੇ। ਇਸ ਦੌਰਾਨ ਪਿੰਡ ਕਲੋਲੀ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸ਼ਿਰਕਤ ਕਰਕੇ ਧਾਰਮਿਕ ਏਕਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਮੁਸਲਿਮ ਅਤੇ ਸਿੱਖ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਪਟਿਆਲਾ ਤੋਂ ਵਿਧਾਇਕ ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਸਮਾਗਮ ਵਿੱਚ ਪਹੁੰਚ ਕੇ ਹਾਜ਼ਰੀ ਲਗਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਸਮਾਗਮ ਕਰਵਾਏ ਜਾ ਰਹੇ ਹਨ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸਾਂ ਚਲਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ‘ਇਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਵਰਗੇ ਸਮਾਗਮ ਲੋਕਾਂ ਨੂੰ ਆਧਿਆਤਮਿਕਤਾ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨ ਨੂੰ ਸ਼ਾਂਤੀ ਦੇਣ ਦੇ ਨਾਲ ਲੋਕਾਂ ਦੀ ਮਾਨਸਿਕ ਸਿਹਤ ਅਤੇ ਸਕਾਰਾਤਮਕ ਸੋਚ ਲਈ ਵੀ ਲਾਹੇਵੰਦ ਸਾਬਤ ਹੁੰਦੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਖੁਸ਼ੀ ਅਤੇ ਸਕਾਰਾਤਮਕ ਅਨੁਭਵ ਹੋਇਆ।






