Home National ਜੰਤਰ-ਮੰਤਰ ‘ਤੇ ਡਟੀ CJP, PM ਮੋਦੀ ਦੇ ਭਰੋਸੇ ਨੂੰ ਕੀਤਾ ਰੱਦ; ਧਰਮੇਂਦਰ...

ਜੰਤਰ-ਮੰਤਰ ‘ਤੇ ਡਟੀ CJP, PM ਮੋਦੀ ਦੇ ਭਰੋਸੇ ਨੂੰ ਕੀਤਾ ਰੱਦ; ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਪਹਿਲਾਂ ਪਿੱਛੇ ਹਟਣ ਤੋਂ ਇਨਕਾਰ

ਜੰਤਰ-ਮੰਤਰ 'ਤੇ CJP ਦਾ ਧਰਨਾ ਜਾਰੀ, ਪ੍ਰਧਾਨ ਦੇ ਅਸਤੀਫ਼ੇ ਦੀ ਮੰਗ

0
4

ਨਵੀਂ ਦਿੱਲੀ: ਪ੍ਰੀਖਿਆਵਾਂ ਵਿੱਚ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਜੰਤਰ-ਮੰਤਰ ‘ਤੇ ਚੱਲ ਰਿਹਾ ਵਿਦਿਆਰਥੀਆਂ ਦਾ ਅੰਦੋਲਨ ਵੀਰਵਾਰ ਨੂੰ ਵੀ ਜਾਰੀ ਰਿਹਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੇਪਰ ਲੀਕ ਮਾਮਲਿਆਂ ਦੀ ਜਾਂਚ ਤੇਜ਼ ਕਰਨ, ਫਾਸਟ-ਟਰੈਕ ਅਦਾਲਤਾਂ ਬਣਾਉਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਵੀ ਕਾਕਰੋਚ ਜਨਤਾ ਪਾਰਟੀ (CJP) ਨੇ ਆਪਣਾ ਰੁਖ ਨਹੀਂ ਬਦਲਿਆ। ਸੰਗਠਨ ਨੇ ਸਪੱਸ਼ਟ ਕਰ ਦਿੱਤਾ ਕਿ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਿਨਾਂ ਅੰਦੋਲਨ ਵਾਪਸ ਨਹੀਂ ਲਿਆ ਜਾਵੇਗਾ।

CJP ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਹ ਐਲਾਨ ਦੇਰ ਨਾਲ ਆਇਆ ਹੈ ਅਤੇ ਇਹ ਵਿਦਿਆਰਥੀਆਂ ਦੇ ਮੁੱਖ ਸਵਾਲਾਂ ਦਾ ਜਵਾਬ ਨਹੀਂ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੇ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਕੀਤਾ ਹੈ, ਇਸ ਲਈ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਭਰੋਸਾ ਕਾਫ਼ੀ ਨਹੀਂ, ਸਗੋਂ ਇਸ ਲਈ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪਿਛਲੇ ਕਈ ਹਫ਼ਤਿਆਂ ਤੋਂ ਜੰਤਰ-ਮੰਤਰ ‘ਤੇ ਧਰਨਾ ਦੇ ਰਹੇ ਹਨ, ਪਰ ਸਰਕਾਰ ਨੇ ਹੁਣ ਜਾ ਕੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਹੈ। CJP ਨੇ ਕਿਹਾ ਕਿ ਜਦੋਂ ਤੱਕ ਧਰਮੇਂਦਰ ਪ੍ਰਧਾਨ ਅਸਤੀਫ਼ਾ ਨਹੀਂ ਦਿੰਦੇ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦਾ ਰੋਡਮੈਪ ਸਾਹਮਣੇ ਨਹੀਂ ਆਉਂਦਾ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਰਕਾਰ ਇਮਾਨਦਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਐਲਾਨ ਕੀਤਾ ਕਿ ਪੇਪਰ ਲੀਕ ਵਰਗੇ ਮਾਮਲਿਆਂ ਦੀ ਜਲਦੀ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ ਅਤੇ ਇਸ ਗਿਰੋਹ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਸ ਦੌਰਾਨ ਜੰਤਰ-ਮੰਤਰ ਅਤੇ ਸੰਸਦ ਮਾਰਗ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਹਾਲੀਆ ਝੜਪਾਂ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਅਤੇ ਅਰਧਸੈਨਿਕ ਬਲ ਤਾਇਨਾਤ ਹਨ। ਸੁਰੱਖਿਆ ਕਾਰਨਾਂ ਕਰਕੇ ਦਿੱਲੀ ਮੈਟਰੋ ਦੇ ਕਈ ਸਟੇਸ਼ਨ ਵੀ ਅਸਥਾਈ ਤੌਰ ‘ਤੇ ਬੰਦ ਰੱਖੇ ਗਏ।

LEAVE A REPLY

Please enter your comment!
Please enter your name here