ਟਾਂਡਾ (ਹੁਸ਼ਿਆਰਪੁਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਾਂਡਾ ਹਲਕੇ ਦੇ ਪਿੰਡ ਭੱਟਲਾਂ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਕਿਹਾ ਕਿ ਪੰਜਾਬ ਹੁਣ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਤੋਂ ਬਾਹਰ ਨਿਕਲ ਕੇ ਵਿਕਾਸ, ਮੌਕਿਆਂ ਅਤੇ ਖੁਸ਼ਹਾਲੀ ਦੇ ਨਵੇਂ ਦੌਰ ਵੱਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਲਈ ਰੁਜ਼ਗਾਰ, ਮਿਆਰੀ ਸਿੱਖਿਆ ਅਤੇ ਬਿਹਤਰ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਬੇਅਦਬੀ ਮਾਮਲਿਆਂ ‘ਤੇ ਸਖ਼ਤ ਰੁਖ ਅਪਣਾਉਂਦਿਆਂ ਕਿਹਾ ਕਿ ਬਰਗਾੜੀ, ਬਹਿਬਲ ਕਲਾਂ ਅਤੇ ਕੋਟਕਪੂਰਾ ਨਾਲ ਜੁੜੇ ਮਾਮਲਿਆਂ ਵਿੱਚ ਇਨਸਾਫ਼ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਲਾਗੂ ਕਰਕੇ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਸਜ਼ਾਵਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਇਸ ਮੌਕੇ CM ਮਾਨ ਨੇ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਕਿਹਾ ਕਿ ਗਰੁੱਪ-ਸੀ ਅਤੇ ਗਰੁੱਪ-ਡੀ ਦੀਆਂ ਮਹਿਲਾ ਕਰਮਚਾਰੀਆਂ, ਜਿਨ੍ਹਾਂ ਵਿੱਚ ਅਧਿਆਪਕਾਂ, ਸਟਾਫ ਨਰਸਾਂ ਅਤੇ ਮਹਿਲਾ ਪੁਲਿਸ ਮੁਲਾਜ਼ਮ ਸ਼ਾਮਲ ਹਨ, ਨੂੰ ਉਨ੍ਹਾਂ ਦੇ ਘਰ ਤੋਂ 40 ਕਿਲੋਮੀਟਰ ਦੇ ਘੇਰੇ ਵਿੱਚ ਹੀ ਤਾਇਨਾਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹਾਈ-ਟੈਂਸ਼ਨ ਬਿਜਲੀ ਤਾਰਾਂ ਨੂੰ ਅੰਡਰਗਰਾਊਂਡ ਕਰਨ ਦਾ ਦੇਸ਼ ਦਾ ਪਹਿਲਾ ਪ੍ਰੋਜੈਕਟ ਵੀ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਹੈ।
ਸਿਹਤ ਖੇਤਰ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਤੱਕ ਲੋਕ 650 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਕਰਵਾ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਮੌਕਿਆਂ ਲਈ ਵਿਦੇਸ਼ਾਂ ਵੱਲ ਜਾਣ ਦੀ ਲੋੜ ਨਹੀਂ ਪਵੇਗੀ, ਕਿਉਂਕਿ ਸਰਕਾਰ ਸੂਬੇ ਅੰਦਰ ਹੀ ਨਵੇਂ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਲੋਕਾਂ ਵੱਲੋਂ ਮਿਲੇ ਪਿਆਰ ਅਤੇ ਸਮਰਥਨ ਲਈ ਧੰਨਵਾਦ ਵੀ ਕੀਤਾ।









