HomeHaryana Newsਸੀਐੱਮ ਨਾਇਬ ਸਿੰਘ ਸੈਣੀ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ, ਕਿਹਾ- ਪੰਜਾਬ...

ਸੀਐੱਮ ਨਾਇਬ ਸਿੰਘ ਸੈਣੀ ਦਾ ਭਗਵੰਤ ਮਾਨ ’ਤੇ ਤਿੱਖਾ ਹਮਲਾ, ਕਿਹਾ- ਪੰਜਾਬ ਸਰਕਾਰ ਨੇ ਔਰਤਾਂ ਤੇ ਨੌਜਵਾਨਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ

ਪਟਿਆਲਾ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਸਿਰਫ਼ ਮਜ਼ਾਕ ਕਰਕੇ ਆਪਣਾ ਸਮਾਂ ਬਿਤਾ ਰਹੇ ਹਨ। ਉਹ ਸ਼ਨੀਵਾਰ ਨੂੰ ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿੱਚ ਕਰਵਾਏ ਗਏ ਤੀਜ ਤਿਉਹਾਰ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਲਗਭਗ ਪੰਜ ਸਾਲ ਬੀਤਣ ਦੇ ਬਾਵਜੂਦ ਇਹ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਜੇ ਵੀ ਔਰਤਾਂ ਤੋਂ ਪੁੱਛ ਰਹੇ ਹਨ ਕਿ ਇੱਕ, ਦੋ ਜਾਂ ਤਿੰਨ ਮਹੀਨਿਆਂ ਦਾ ਪੈਸਾ ਇਕੱਠਾ ਖਾਤਿਆਂ ਵਿੱਚ ਪਾਇਆ ਜਾਵੇ, ਜੋ ਲੋਕਾਂ ਨਾਲ ਮਜ਼ਾਕ ਵਰਗਾ ਹੈ।

ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸੂਬੇ ਵਿੱਚ ਉਦਯੋਗ ਪਲਾਇਨ ਕਰ ਰਹੇ ਹਨ ਅਤੇ ਇਸ ਕਾਰਨ ਨੌਜਵਾਨਾਂ ਲਈ ਰੁਜ਼ਗਾਰ ਦਾ ਸੰਕਟ ਪੈਦਾ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਿਰਾਸ਼ ਨੌਜਵਾਨ ਨਸ਼ਿਆਂ ਵੱਲ ਵੀ ਧੱਕੇ ਜਾ ਰਹੇ ਹਨ।

ਤੀਜ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਔਰਤਾਂ ਨੂੰ ਮਹਿਲਾ ਸਸ਼ਕਤੀਕਰਨ, ਸਵੈ-ਨਿਰਭਰਤਾ ਅਤੇ ਨਸ਼ਾ ਮੁਕਤ ਸਮਾਜ ਬਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਔਰਤਾਂ ਨੂੰ ਕੋਠਲੀਆਂ ਅਤੇ ਸੂਟ ਵੰਡੇ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਮਹਿਲਾ ਕਲਾਕਾਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਹਰਿਆਣਾ ਦੇ ਸਾਬਕਾ ਮੰਤਰੀ ਅਸੀਮ ਗੋਇਲ ਅਤੇ ਤੀਜ ਤਿਉਹਾਰ ਦੇ ਕਨਵੀਨਰ ਵਿਕਾਸ ਸ਼ਰਮਾ ਸਮੇਤ ਕਈ ਪਤਵੰਤੇ ਮੌਜੂਦ ਰਹੇ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਵਾਰ ਪਿਛਲੀਆਂ ਚੋਣਾਂ ਨਾਲੋਂ ਵਧੇਰੇ ਜਾਗਰੂਕ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੀਆਂ ਔਰਤਾਂ ਅਤੇ ਨੌਜਵਾਨ ਬਦਲਾਅ ਲਈ ਤਿਆਰ ਹਨ ਅਤੇ ਭਾਜਪਾ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ।

ਹਰਿਆਣਾ ਦੀਆਂ ਯੋਜਨਾਵਾਂ ਦਾ ਦਿੱਤਾ ਹਵਾਲਾ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਉਨ੍ਹਾਂ ਮੁਤਾਬਕ ਹਰਿਆਣਾ ਵਿੱਚ 10 ਲੱਖ ਔਰਤਾਂ ਨੂੰ ਹਰ ਮਹੀਨੇ 2,100 ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 1.80 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਨੂੰ 500 ਰੁਪਏ ਵਿੱਚ ਐਲਪੀਜੀ ਸਿਲੰਡਰ ਦੇਣ ਦੀ ਯੋਜਨਾ ਵੀ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਔਰਤਾਂ ਨੂੰ 20 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਗਰਭਵਤੀ ਔਰਤਾਂ ਨੂੰ ਪੌਸ਼ਟਿਕ ਭੋਜਨ ਲਈ 6,000 ਰੁਪਏ ਦੀ ਸਹਾਇਤਾ ਅਤੇ ਗਰੀਬ ਪਰਿਵਾਰਾਂ ਨੂੰ ਪਲਾਟ, ਘਰ ਅਤੇ ਫਲੈਟ ਦੇਣ ਦੀਆਂ ਯੋਜਨਾਵਾਂ ਵੀ ਲਾਗੂ ਹਨ।

ਪੰਜਾਬ ਵਿੱਚ ਭਾਜਪਾ ਸਰਕਾਰ ਬਣਨ ’ਤੇ ਯੋਜਨਾਵਾਂ ਲਾਗੂ ਕਰਨ ਦਾ ਦਾਅਵਾ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਦੀ ਹੈ ਤਾਂ ਹਰਿਆਣਾ ਦੀ ਤਰਜ਼ ’ਤੇ ਲੋਕਾਂ ਲਈ ਕਈ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀਆਂ ਸਾਰੀਆਂ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਅਤੇ ਆਲੂਆਂ, ਸਬਜ਼ੀਆਂ ਤੇ ਫਲਾਂ ਲਈ ਭਾਵਾਂਤਰ ਭਰਪਾਈ ਯੋਜਨਾ ਲਾਗੂ ਕਰਨ ਦਾ ਵਾਅਦਾ ਕੀਤਾ ਜਾਵੇਗਾ।

ਉਨ੍ਹਾਂ ਨਸ਼ਿਆਂ ਦੇ ਮੁੱਦੇ ’ਤੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਨਸ਼ਾ ਤਸਕਰੀ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਅਤੇ ਭ੍ਰਿਸ਼ਟਾਚਾਰ ਤੋਂ ਸਰਕਾਰੀ ਨੌਕਰੀਆਂ ਦੇਣ ਲਈ ਪਾਰਦਰਸ਼ੀ ਭਰਤੀ ਪ੍ਰਣਾਲੀ ਲਾਗੂ ਕੀਤੀ ਜਾਵੇਗੀ।

ਤੀਜ ਨੂੰ ਪੰਜਾਬ-ਹਰਿਆਣਾ ਦੀ ਸਾਂਝੀ ਵਿਰਾਸਤ ਦੱਸਿਆ

ਮੁੱਖ ਮੰਤਰੀ ਨੇ ਤੀਜ ਦੇ ਤਿਉਹਾਰ ਨੂੰ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਵਣ ਦੀ ਹਰਿਆਲੀ, ਖੁਸ਼ੀ, ਪਿਆਰ, ਸ਼ਰਧਾ ਅਤੇ ਪਰਿਵਾਰਕ ਰਿਸ਼ਤਿਆਂ ਨਾਲ ਜੁੜਿਆ ਹੋਇਆ ਹੈ।

ਘਨੌਰ ਵਿੱਚ ਸਮਾਗਮ ਦੌਰਾਨ ਉਨ੍ਹਾਂ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਉਹ ਆਪਣੀਆਂ ਭੈਣਾਂ ਦੇ ਨਾਨਕੇ ਘਰ ਆਏ ਹੋਣ। ਉਨ੍ਹਾਂ ਪੰਜਾਬੀ ਸੱਭਿਆਚਾਰ ਦੇ ਰੰਗਾਂ, ਗਿੱਧੇ, ਲੋਕ ਗੀਤਾਂ, ਮਹਿੰਦੀ ਅਤੇ ਸਾਵਣ ਦੇ ਝੂਲਿਆਂ ਦੀ ਵੀ ਸ਼ਲਾਘਾ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments