ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦਾ ਪ੍ਰਭਾਵ ਅੱਜ ਵੀ ਜਾਰੀ ਹੈ। ਮੌਸਮ ਵਿਭਾਗ ਵੱਲੋਂ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ “ਔਰੇਂਜ ਅਲਰਟ” ਜਾਰੀ ਕੀਤਾ ਗਿਆ ਹੈ। ਸੂਬੇ ਵਿੱਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ, ਜੋ ਕਿ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਬਣਿਆ ਰਿਹਾ। ਹਾਲਾਂਕਿ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਜਾਰੀ ਰਹੇਗੀ ਸ਼ੀਤ ਲਹਿਰ
ਮੌਸਮ ਵਿਭਾਗ ਅਨੁਸਾਰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ। ਫਿਲਹਾਲ ਅੱਜ ਮੌਸਮ ਖੁਸ਼ਕ ਰਹਿਣ ਦੀ ਉਮੀਦ ਜਤਾਈ ਗਈ ਹੈ, ਪਰ ਸਵੇਰ ਅਤੇ ਰਾਤ ਦੇ ਸਮੇਂ ਦ੍ਰਿਸ਼ਟੀ ਘੱਟ ਰਹਿ ਸਕਦੀ ਹੈ।
ਮੀਂਹ ਦੀ ਚੇਤਾਵਨੀ ਜਾਰੀ
ਪਹਾੜੀ ਇਲਾਕਿਆਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ 31 ਜਨਵਰੀ ਤੋਂ ਮੈਦਾਨੀ ਇਲਾਕਿਆਂ ਦੇ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ,
31 ਜਨਵਰੀ ਅਤੇ 1 ਫਰਵਰੀ ਨੂੰ ਪਠਾਨਕੋਟ, ਗੁਰਦਾਸਪੁਰ, ਮੋਹਾਲੀ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਬਿਜਲੀ ਗਰਜਣ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ।
ਤਾਪਮਾਨ ਵਿੱਚ ਆ ਸਕਦੀ ਹੈ ਤਬਦੀਲੀ
ਅਗਲੇ ਦੋ ਦਿਨਾਂ ਤੱਕ ਘੱਟੋ-ਘੱਟ ਤਾਪਮਾਨ ਲਗਭਗ ਸਥਿਰ ਰਹਿਣ ਦੀ ਸੰਭਾਵਨਾ ਹੈ, ਪਰ ਇਸ ਤੋਂ ਬਾਅਦ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਵਾਧਾ ਹੋ ਸਕਦਾ ਹੈ, ਜਿਸ ਨਾਲ ਰਾਤ ਦੀ ਠੰਢ ਵਿੱਚ ਕੁਝ ਕਮੀ ਆਵੇਗੀ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ, ਘੱਟ ਦ੍ਰਿਸ਼ਟੀ ਦੇ ਮੱਦੇਨਜ਼ਰ ਵਾਹਨ ਧੀਮੀ ਗਤੀ ਨਾਲ ਚਲਾਉਣ ਅਤੇ ਮੌਸਮੀ ਅਪਡੇਟਾਂ ’ਤੇ ਨਜ਼ਰ ਬਣਾਈ ਰੱਖਣ ਦੀ ਅਪੀਲ ਕੀਤੀ ਹੈ।







