ਅੰਮ੍ਰਿਤਸਰ : ਦੇਸ਼ ਵਿੱਚ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਨਵੀਆਂ ਦਰਾਂ ਅਨੁਸਾਰ ਪੈਟਰੋਲ ਦੀ ਕੀਮਤ 102.97 ਰੁਪਏ ਤੋਂ ਵਧ ਕੇ 105.56 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਿਸ ਨਾਲ 2.59 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 92.82 ਰੁਪਏ ਤੋਂ ਵਧ ਕੇ 95.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜੋ 2.65 ਰੁਪਏ ਦਾ ਵਾਧਾ ਹੈ।
ਕੇਂਦਰ ਸਰਕਾਰ ਵੱਲੋਂ ਇਸ ਵਾਧੇ ਦੇ ਪਿੱਛੇ ਅੰਤਰਰਾਸ਼ਟਰੀ ਤਣਾਅ, ਯੁੱਧੀ ਹਾਲਾਤ ਅਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੂੰ ਕਾਰਨ ਦੱਸਿਆ ਜਾ ਰਿਹਾ ਹੈ। ਪਰ ਇਸ ਦਾ ਸਿੱਧਾ ਅਸਰ ਆਮ ਲੋਕਾਂ ਦੀ ਜੇਬ ‘ਤੇ ਪੈ ਰਿਹਾ ਹੈ।
ਇੰਧਨ ਦੀਆਂ ਕੀਮਤਾਂ ਵਧਣ ਨਾਲ ਆਵਾਜਾਈ ਦਾ ਖਰਚਾ ਵੀ ਵਧੇਗਾ, ਜਿਸ ਕਾਰਨ ਖਾਣ-ਪੀਣ ਸਮੇਤ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ ਦਿਹਾੜੀਦਾਰ ਮਜ਼ਦੂਰਾਂ ਅਤੇ ਮੱਧ ਵਰਗ ਦੇ ਲੋਕਾਂ ਨੇ ਇਸ ਵਾਧੇ ‘ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ।
ਲੋਕਾਂ ਦਾ ਕਹਿਣਾ ਹੈ ਕਿ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਉੱਥੇ ਆਮਦਨ ਵਿੱਚ ਕੋਈ ਵਾਧਾ ਨਹੀਂ ਹੋ ਰਿਹਾ। ਇਸ ਕਾਰਨ ਘਰੇਲੂ ਬਜਟ ਸੰਭਾਲਣਾ ਔਖਾ ਹੋ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਹਿੰਗਾਈ ਹੋਰ ਵਧ ਸਕਦੀ ਹੈ।
ਆਮ ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇੰਧਨ ਦੀਆਂ ਕੀਮਤਾਂ ‘ਤੇ ਰਾਹਤ ਦਿੱਤੀ ਜਾਵੇ ਅਤੇ ਮਹਿੰਗਾਈ ਨੂੰ ਕਾਬੂ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ।








