Sunday, July 19, 2026
Home Punjab ਕਾਂਗਰਸ ਵੱਲੋਂ ਡਾ. ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਬਾਹਰ, ਪੰਜਾਬ ਦੀ ਸਿਆਸਤ...

ਕਾਂਗਰਸ ਵੱਲੋਂ ਡਾ. ਨਵਜੋਤ ਕੌਰ ਸਿੱਧੂ ਪਾਰਟੀ ਵਿੱਚੋਂ ਬਾਹਰ, ਪੰਜਾਬ ਦੀ ਸਿਆਸਤ ਵਿੱਚ ਹਲਚਲ

0
49

ਪੰਜਾਬ: ਪੰਜਾਬ ਦੀ ਰਾਜਨੀਤੀ ਵਿੱਚ ਇਕ ਵੱਡਾ ਭੂਚਾਲ ਉਸ ਵੇਲੇ ਆਇਆ ਜਦੋਂ ਕਾਂਗਰਸ ਪਾਰਟੀ ਨੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸੀਨੀਅਰ ਨੇਤਰੀ ਡਾ. ਨਵਜੋਤ ਕੌਰ ਸਿੱਧੂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ। ਇਸ ਕਦਮ ਨਾਲ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚ ਗਈ ਹੈ ਅਤੇ ਕਾਂਗਰਸ ਦੇ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਉਭਰ ਕੇ ਸਾਹਮਣੇ ਆ ਗਏ ਹਨ।

ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡਾ. ਨਵਜੋਤ ਕੌਰ ਸਿੱਧੂ ਨੂੰ ਪਹਿਲਾਂ ਪਾਰਟੀ ਵਿੱਚੋਂ ਮੁਅੱਤਲ ਕੀਤਾ ਗਿਆ ਸੀ, ਪਰ ਉਨ੍ਹਾਂ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਬਿਆਨਬਾਜ਼ੀ ਅਤੇ ਅਨੁਸ਼ਾਸਨਹੀਨਤਾ ਦੇ ਮੱਦੇਨਜ਼ਰ ਹੁਣ ਉਨ੍ਹਾਂ ਨੂੰ ਕਾਂਗਰਸ ਵਿੱਚੋਂ ਕੱਢਣ ਦਾ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਹਾਲੇ ਤੱਕ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਗਿਆ, ਪਰ ਪਾਰਟੀ ਦੇ ਉੱਚ ਪੱਧਰੀ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਭੁਪੇਸ਼ ਬਘੇਲ ਅੱਜ ਅੰਮ੍ਰਿਤਸਰ ਵਿੱਚ ਸਾਬਕਾ ਮੰਤਰੀ ਡਾ. ਰਾਜਕੁਮਾਰ ਵੇਰਕਾ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਾਰਟੀ ਅਨੁਸ਼ਾਸਨ ਤੋਂ ਉੱਪਰ ਕੋਈ ਨਹੀਂ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜੋ ਵੀ ਆਗੂ ਪਾਰਟੀ ਦੀ ਨੀਤੀ ਅਤੇ ਫ਼ੈਸਲਿਆਂ ਦੇ ਵਿਰੁੱਧ ਜਾਂਦਾ ਹੈ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਸੂਤਰਾਂ ਅਨੁਸਾਰ, ਡਾ. ਨਵਜੋਤ ਕੌਰ ਸਿੱਧੂ ਅਤੇ ਕਾਂਗਰਸ ਹਾਈ ਕਮਾਂਡ ਵਿਚਕਾਰ ਤਣਾਅ ਉਸ ਸਮੇਂ ਹੋਰ ਵਧ ਗਿਆ, ਜਦੋਂ ਚੰਡੀਗੜ੍ਹ ਵਿੱਚ ਰਾਜਪਾਲ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਕਿ ਮੁੱਖ ਮੰਤਰੀ ਬਣਨ ਲਈ ਉਨ੍ਹਾਂ ਕੋਲ 500 ਕਰੋੜ ਰੁਪਏ ਦੇ ਪੋਰਟਫੋਲੀਓ ਦੀ ਕਮੀ ਹੈ। ਉਨ੍ਹਾਂ ਵੱਲੋਂ ਕਾਂਗਰਸ ਹਾਈ ਕਮਾਂਡ ‘ਤੇ ਪੈਸੇ ਲੈ ਕੇ ਮੁੱਖ ਮੰਤਰੀ ਬਣਾਉਣ ਦੇ ਦੋਸ਼ ਲਗਾਏ ਗਏ। ਇਸ ਤੋਂ ਇਲਾਵਾ, ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਟਿਕਟਾਂ ਵੇਚਣ ਦੇ ਗੰਭੀਰ ਦੋਸ਼ ਵੀ ਲਗਾਏ ਸਨ, ਜਿਸ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਸੀ।

ਡਾ. ਨਵਜੋਤ ਕੌਰ ਸਿੱਧੂ ਦੇ ਰਾਜਨੀਤਿਕ ਸਫ਼ਰ ‘ਤੇ ਨਜ਼ਰ ਮਾਰੀਏ ਤਾਂ ਉਨ੍ਹਾਂ ਨੇ 2012 ਵਿੱਚ ਭਾਜਪਾ ਨਾਲ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਕੀਤੀ ਸੀ। 2016 ਵਿੱਚ ਉਨ੍ਹਾਂ ਨੇ ਭਾਜਪਾ ਤੋਂ ਅਸਤੀਫ਼ਾ ਦੇ ਦਿੱਤਾ ਅਤੇ 2017 ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। 2019 ਵਿੱਚ ਵੀ ਉਨ੍ਹਾਂ ਨੇ ਕਾਂਗਰਸ ਛੱਡਣ ਦਾ ਐਲਾਨ ਕਰਦਿਆਂ ਆਪਣੇ ਆਪ ਨੂੰ ਸਮਾਜ ਸੇਵਕ ਵਜੋਂ ਕੰਮ ਕਰਨ ਦੀ ਗੱਲ ਕਹੀ ਸੀ। ਹੁਣ 2026 ਵਿੱਚ ਕਾਂਗਰਸ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਣ ਦੇ ਫੈਸਲੇ ਨੇ ਪੰਜਾਬ ਦੀ ਰਾਜਨੀਤੀ ਨੂੰ ਇੱਕ ਨਵਾਂ ਮੋੜ ਦੇ ਦਿੱਤਾ ਹੈ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਸ ਕਾਰਵਾਈ ਨਾਲ ਨਾ ਸਿਰਫ਼ ਕਾਂਗਰਸ ਦੀ ਅੰਦਰੂਨੀ ਸਥਿਤੀ ‘ਤੇ ਸਵਾਲ ਖੜ੍ਹੇ ਹੋਏ ਹਨ, ਸਗੋਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਵੱਡੇ ਬਦਲਾਅ ਵੀ ਦੇਖਣ ਨੂੰ ਮਿਲ ਸਕਦੇ ਹਨ।

LEAVE A REPLY

Please enter your comment!
Please enter your name here