ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੁੱਟਬੰਦੀ ਅਤੇ ਸਿਆਸੀ ਖਿਚੋਤਾਣ ਦਰਮਿਆਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਪ੍ਰਤੀ ਆਪਣੀ ਵਫ਼ਾਦਾਰੀ ਦੁਹਰਾਉਂਦਿਆਂ ਵੱਡਾ ਬਿਆਨ ਦਿੱਤਾ ਹੈ। ਸੂਬਾ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੇ ਪੰਜਾਬ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨਗੀ ਉਨ੍ਹਾਂ ਲਈ ਕੋਈ ਵੱਡੀ ਗੱਲ ਨਹੀਂ ਹੈ ਅਤੇ ਜੇਕਰ ਪਾਰਟੀ ਉਨ੍ਹਾਂ ਦੀ ਟਿਕਟ ਵੀ ਕੱਟ ਦੇਵੇ ਤਾਂ ਵੀ ਉਹ ਕਾਂਗਰਸ ਨਹੀਂ ਛੱਡਣਗੇ।
ਰਾਜਾ ਵੜਿੰਗ ਨੇ ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਸਾਰੇ ਉਨ੍ਹਾਂ ਦੇ ਸੀਨੀਅਰ ਅਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਦਾ ਉਹ ਸਤਿਕਾਰ ਕਰਦੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਪਾਰਟੀ ਅੰਦਰ ਇਕਜੁੱਟਤਾ ਦਾ ਸੰਦੇਸ਼ ਦੇਣ ਦੀ ਕੋਸ਼ਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ।
ਗੌਰਤਲਬ ਹੈ ਕਿ ਪਿਛਲੇ ਕੁਝ ਸਮੇਂ ਤੋਂ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਧੜੇ ਵੱਲੋਂ ਸੂਬਾ ਕਾਂਗਰਸ ਲੀਡਰਸ਼ਿਪ ਵਿੱਚ ਬਦਲਾਅ ਦੀ ਮੰਗ ਕੀਤੀ ਜਾ ਰਹੀ ਸੀ। ਅਜਿਹੇ ਹਾਲਾਤਾਂ ਵਿੱਚ ਰਾਜਾ ਵੜਿੰਗ ਦਾ ਇਹ ਬਿਆਨ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਸ਼ਾਂਤ ਕਰਨ ਅਤੇ ਹਾਈਕਮਾਨ ਨਾਲ ਆਪਣੀ ਵਫ਼ਾਦਾਰੀ ਦਾ ਸੰਦੇਸ਼ ਦੇਣ ਵਜੋਂ ਮੰਨਿਆ ਜਾ ਰਿਹਾ ਹੈ।






