ਨਵੀਂ ਦਿੱਲੀ: ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਅੱਗੇ ਇੱਕ ਨਿਵੇਕਲੀ ਤਜਵੀਜ਼ ਰੱਖਦਿਆਂ ਵਿਆਹ ਤੋਂ ਪਹਿਲਾਂ ਲੜਕੇ ਅਤੇ ਲੜਕੀ ਦੋਵਾਂ ਲਈ ‘ਡੋਪ ਟੈਸਟ’ ਲਾਜ਼ਮੀ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਵਿਆਹ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਹਿੱਸਾ ਬਣਾਕੇ ਨਸ਼ਾ ਸਕ੍ਰੀਨਿੰਗ (Drug Screening) ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਇਸਦੇ ਨਾਲ ਹੀ ਦੋਵਾਂ ਧਿਰਾਂ ਲਈ ਪੂਰਾ ਮੈਡੀਕਲ ਹੈਲਥ ਸਰਟੀਫਿਕੇਟ ਵੀ ਜ਼ਰੂਰੀ ਬਣਾਇਆ ਜਾਵੇ, ਜੋ ਮੈਰਿਜ ਸਰਟੀਫਿਕੇਟ ਜਾਰੀ ਕਰਨ ਵੇਲੇ ਨਾਲ ਜੋੜਿਆ ਜਾਵੇ।
ਕੰਗ ਦੇ ਮੁਤਾਬਕ ਨਸ਼ਿਆਂ ਦੀ ਵਧ ਰਹੀ ਸਮੱਸਿਆ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ, ਜਿਸ ਨਾਲ ਘਰੇਲੂ ਝਗੜਿਆਂ ਅਤੇ ਤਲਾਕ ਦੇ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇ ਵਿਆਹ ਤੋਂ ਪਹਿਲਾਂ ਹੀ ਵਿਅਕਤੀ ਦੀ ਸਿਹਤ ਅਤੇ ਨਸ਼ੇ ਦੀ ਸਥਿਤੀ ਸਪੱਸ਼ਟ ਹੋਵੇ, ਤਾਂ ਭਵਿੱਖ ਵਿੱਚ ਕਈ ਸਮਾਜਿਕ ਅਤੇ ਪਰਿਵਾਰਕ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਕਿ ਇਸ ਤਰ੍ਹਾਂ ਦੇ ਨਿਯਮ ਪੂਰੇ ਦੇਸ਼ ਵਿੱਚ ਇੱਕਸਾਰ ਲਾਗੂ ਕਰਨ ਲਈ ਸਾਰੇ ਰਾਜਾਂ ਨੂੰ ਸਪੱਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ, ਤਾਂ ਜੋ ਇਸ ਮੁਹਿੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾ ਸਕੇ।






