ਅਹਿਮਦਗੜ੍ਹ/ਮਾਲੇਰਕੋਟਲਾ, 26
ਹਰੇਕ ਯੋਗ ਨਾਗਰਿਕ ਆਪਣੀ ਵੋਟ ਬਣਵਾਏ ਅਤੇ ਵੋਟ ਦੇ ਅਧਿਕਾਰ ਦੀ ਸੁਚੇਤ ਵਰਤੋਂ ਕਰਕੇ
ਲੋਕਤੰਤਰ ਦੀ ਮਜ਼ਬੂਤੀ ਵਿੱਚ ਯੋਗਦਾਨ ਪਾਵੇ : ਜ਼ਿਲ੍ਹਾ ਸਵੀਪ ਨੋਡਲ ਅਫ਼ਸਰ
ਲੋਕਤੰਤਰੀ ਪ੍ਰਕਿਰਿਆ ਵਿੱਚ ਨਾਗਰਿਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਅਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅਹਿਮਦਗੜ੍ਹ ਹਰਸ਼ਿਤਾ ਸ਼ਰਮਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਸਵੀਪ ਗਤੀਵਿਧੀਆਂ ਤਹਿਤ ਵੋਟ ਦੀ ਮਹੱਤਤਾ ਅਤੇ ਵੋਟਰ ਰਜਿਸਟ੍ਰੇਸ਼ਨ ਸਬੰਧੀ ਜਾਗਰੂਕਤਾ ਦਾ ਸੰਦੇਸ਼ ਹਰੇਕ ਘਰ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ।
ਹਰਸ਼ਿਤਾ ਸ਼ਰਮਾ ਨੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਰਾਹੀਂ ਘਰ-ਘਰ ਪਹੁੰਚ ਬਣਾਉਣ ਅਤੇ ਸਿੱਖਿਆ ਵਿਭਾਗ ਨੂੰ ਕਾਲਜਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾ ਕੇ ਯੋਗ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਵਿਭਾਗ ਨੂੰ ਸਿਹਤ ਸੰਸਥਾਵਾਂ ਅਤੇ ਵਿਭਾਗੀ ਗਤੀਵਿਧੀਆਂ ਰਾਹੀਂ ਵੋਟਰ ਜਾਗਰੂਕਤਾ ਦਾ ਪ੍ਰਸਾਰ ਕਰਨ ਲਈ ਕਿਹਾ। ਇਸੇ ਤਰ੍ਹਾਂ ਨਗਰ ਕੌਂਸਲ ਨੂੰ ਸ਼ਹਿਰੀ ਵਾਰਡਾਂ, ਜਨਤਕ ਸਥਾਨਾਂ ਅਤੇ ਸਫ਼ਾਈ ਕਰਮਚਾਰੀਆਂ ਰਾਹੀਂ ਆਮ ਲੋਕਾਂ ਤੱਕ ਜਾਗਰੂਕਤਾ ਸੰਦੇਸ਼ ਪਹੁੰਚਾਉਣ ਦੀ ਹਦਾਇਤ ਕੀਤੀ।
ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਕਿਹਾ ਕਿ ਵੋਟਰ ਜਾਗਰੂਕਤਾ ਸਿਰਫ਼ ਇੱਕ ਵਿਭਾਗੀ ਗਤੀਵਿਧੀ ਨਹੀਂ, ਸਗੋਂ ਲੋਕਤੰਤਰੀ ਕਦਰਾਂ-ਕੀਮਤਾਂ ਪ੍ਰਤੀ ਨਾਗਰਿਕਾਂ ਨੂੰ ਸੁਚੇਤ ਕਰਨ ਦਾ ਸਾਂਝਾ ਉਪਰਾਲਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਸਵੀਪ ਗਤੀਵਿਧੀਆਂ ਵਿੱਚ ਤੇਜ਼ੀ ਲਿਆਉਣ ਅਤੇ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ, ਵਿਸ਼ੇਸ਼ ਕਰਕੇ ਯੋਗ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਵਜੋਂ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਆਜ਼ਾਦ, ਨਿਰਪੱਖ ਅਤੇ ਸੁਚੇਤ ਵਰਤੋਂ ਕਰਕੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣਾ ਯੋਗਦਾਨ ਪਾਉਣ।
ਇਸ ਮੌਕੇ ਕਾਰਜ ਸਾਧਕ ਅਫ਼ਸਰ ਚੰਦਰ ਪ੍ਰਕਾਸ਼ ਵਧਵਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਵਿੰਦਰ ਸਿੰਘ, ਡਾ. ਜੋਤੀ ਕਪੂਰ ਅਤੇ ਡਾ. ਅਮਨਦੀਪ ਕੌਰ, ਸੀ.ਡੀ.ਪੀ.ਓ. ਪਵਨ ਕੁਮਾਰ, ਬੀ.ਪੀ.ਈ.ਓ. ਬਲਜੀਤ ਸਿੰਘ, ਸਵੀਪ ਨੋਡਲ ਅਫ਼ਸਰ ਬਹਾਦਰ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲੇਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।



