HomePunjabMalerkotlaਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ; ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਲਈ ਸਾਂਝੇ ਸਹਿਯੋਗ ਦੀ ਅਪੀਲ

ਡਿਪਟੀ ਕਮਿਸ਼ਨਰ ਵੱਲੋਂ ਰਾਜਨੀਤਿਕ ਪਾਰਟੀਆਂ ਨਾਲ ਅਹਿਮ ਮੀਟਿੰਗ; ਐੱਸ.ਆਈ.ਆਰ.-2026 ਤਹਿਤ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਲਈ ਸਾਂਝੇ ਸਹਿਯੋਗ ਦੀ ਅਪੀਲ

         25 ਜੂਨ ਤੋਂ ਘਰ-ਘਰ ਪਹੁੰਚਣਗੇ ਬੀ.ਐਲ.ਓਜ਼, ਨਾਗਰਿਕ ਨਵੀਨਤਮ ਫੋਟੋ ਅਤੇ ਲੋੜੀਂਦੇ  ਦਸਤਾਵੇਜ਼ ਤਿਆਰ ਰੱਖਣ

     ਹਰੇਕ ਪੋਲਿੰਗ ਸਟੇਸ਼ਨ ’ਤੇ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਉਣ ਲਈ ਰਾਜਨੀਤਿਕ ਪਾਰਟੀਆਂ ਨੂੰ ਅਪੀਲ

ਮਾਲੇਰਕੋਟਲਾ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਸਬੰਧੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਪੁਨਰ-ਸਮੀਖਿਆ, ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਅਤੇ ਘਰ-ਘਰ ਤਸਦੀਕ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਪ੍ਰਧਾਨ ਬੀ.ਜੇ.ਪੀ ਜਗਤ ਕਥੂਰੀਆ, ਜ਼ਿਲਾ ਪ੍ਰਧਾਨ ਕਾਂਗਰਸ ਨਿਸ਼ਾਤ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਸਕੱਤਰ ਸੀ.ਪੀ.ਆਈ (ਐਮ) ਅਬਦੁਲ ਸਤਾਰ, ਜ਼ਿਲਾ ਸਕੱਤਰ ਬੀ.ਐਸ.ਪੀ ਸ਼ਮਸ਼ਾਦ ਅਨਸਾਰੀ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਚੋਣ ਤਹਿਸੀਲਦਾਰ ਬ੍ਰਿਜ ਮੋਹਨ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਤਿੜਕੇ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਐੱਸ.ਆਈ.ਆਰ.-2026 ਮੁਹਿੰਮ ਦਾ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵਧੇਰੇ ਸਹੀ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਲੋਕਤੰਤਰੀ ਪ੍ਰਕਿਰਿਆ ਦੀ ਸਫ਼ਲਤਾ ਲਈ ਚੋਣ ਅਮਲੇ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਆਮ ਨਾਗਰਿਕਾਂ ਦੀ ਸਰਗਰਮ ਭਾਗੀਦਾਰੀ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਜਲਦ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀ.ਐਲ.ਏ. ਵੋਟਰ ਸੂਚੀਆਂ ਦੀ ਜਾਂਚ, ਮ੍ਰਿਤਕ ਜਾਂ ਸਥਾਈ ਤੌਰ ’ਤੇ ਤਬਦੀਲ ਹੋਏ ਵੋਟਰਾਂ ਦੀ ਪਛਾਣ ਅਤੇ ਡੁਪਲੀਕੇਟ ਐਂਟਰੀਆਂ ਨੂੰ ਦਰੁਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੇ ਸੋਧੇ ਹੋਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਵੰਡਣ ਅਤੇ ਪ੍ਰਾਪਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੇ ਸਮੂਹ ਯੋਗ ਵੋਟਰਾਂ ਦੀ ਨਵੀਨਤਮ ਪਾਸਪੋਰਟ ਸਾਈਜ਼ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖਣ ਤਾਂ ਜੋ ਤਸਦੀਕ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਵੋਟਰਾਂ ਦੀ ਪ੍ਰੀ-ਐੱਸ.ਆਈ.ਆਰ. ਦੌਰਾਨ ਮੈਪਿੰਗ ਨਹੀਂ ਹੋਈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ  ਨਹੀਂ ਹੈ। ਦਸਤਾਵੇਜ਼ੀ ਤਸਦੀਕ ਉਪਰੰਤ ਉਨ੍ਹਾਂ ਦੇ ਵੇਰਵੇ ਯੋਗਤਾ ਅਨੁਸਾਰ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨ ਅਤੇ ਸੂਚੀਆਂ ਦੀ ਭਰੋਸੇਯੋਗਤਾ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕੀਤਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments