HomePunjabਧਾਲੀਵਾਲ ਨੇ ਸੁਖਬੀਰ ਬਾਦਲ ਤੇ ਭਾਜਪਾ ਨੂੰ ਘੇਰਿਆ; ਕਿਹਾ ਜਿਨ੍ਹਾਂ ਦੇ ਰਾਜ...

ਧਾਲੀਵਾਲ ਨੇ ਸੁਖਬੀਰ ਬਾਦਲ ਤੇ ਭਾਜਪਾ ਨੂੰ ਘੇਰਿਆ; ਕਿਹਾ ਜਿਨ੍ਹਾਂ ਦੇ ਰਾਜ ‘ਚ ਨਸ਼ਾ ਵਧਿਆ, ਉਹ ਅੱਜ ਬਣ ਰਹੇ ਹਨ ਨਸ਼ਾ ਵਿਰੋਧੀ

ਚੰਡੀਗੜ੍ਹ: ਬੀਤੇ ਦਿਨ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ ‘ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਦੇ ਰਾਜ ਦੌਰਾਨ ਪੰਜਾਬ ਵਿੱਚ ਨਸ਼ੇ ਵਧੇ-ਫੁੱਲੇ, ਉਹ ਅੱਜ ਨਸ਼ਾ ਵਿਰੋਧੀ ਬਣ ਕੇ ਮੰਚ ਸਾਂਝਾ ਕਰ ਰਹੇ ਹਨ, ਜੋ ਨਿੰਦਣਯੋਗ ਹੈ।

ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਆਪ’ ਸਰਕਾਰ ਪੰਜਾਬ ਭਰ ਵਿੱਚ ਨਸ਼ਿਆਂ ਵਿਰੁੱਧ ਲਗਾਤਾਰ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਨਸ਼ਿਆਂ ਖ਼ਿਲਾਫ਼ ਫੈਸਲਾਕੁੰਨ ਲੜਾਈ ਲੜ ਰਹੀ ਹੈ।

ਧਾਲੀਵਾਲ ਨੇ ਕਿਹਾ ਕਿ ਅਸੀਂ ਨਸ਼ਿਆਂ ਵਿਰੁੱਧ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਰਗ ਇਸ ਲੜਾਈ ਦਾ ਹਿੱਸਾ ਬਣੇ। ਪਰ ਰਾਜਪਾਲ ਵੱਲੋਂ ਅਜਿਹੇ ਆਗੂਆਂ ਨਾਲ ਸਟੇਜ ਸਾਂਝੀ ਕਰਨੀ, ਜਿਨ੍ਹਾਂ ‘ਤੇ ਉਨ੍ਹਾਂ ਦੇ ਰਾਜ ਦੌਰਾਨ ਨਸ਼ਾ ਫੈਲਣ ਦੇ ਦੋਸ਼ ਲੱਗਦੇ ਰਹੇ ਹਨ, ਗੰਭੀਰ ਸਵਾਲ ਖੜ੍ਹੇ ਕਰਦੀ ਹੈ।

ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਆਗੂਆਂ ਦਾ ਨਾਮ ਲੈਂਦਿਆਂ ਕਿਹਾ ਕਿ 2007 ਤੋਂ 2017 ਤੱਕ ਦੇ ਦੌਰ ਨੂੰ ਪੰਜਾਬ ਨਹੀਂ ਭੁੱਲ ਸਕਦਾ। ਉਨ੍ਹਾਂ ਦੋਸ਼ ਲਗਾਇਆ ਕਿ ਉਸ ਸਮੇਂ ਦੌਰਾਨ ਨਸ਼ਾ ਤਸਕਰੀ ਵਧੀ ਅਤੇ ਅੱਜ ਉਹੀ ਲੋਕ ਨਸ਼ਾ ਵਿਰੋਧੀ ਯਾਤਰਾ ਵਿੱਚ ਸ਼ਾਮਲ ਹੋ ਰਹੇ ਹਨ।

ਧਾਲੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਝਦੇ ਹਨ ਕਿ ਨਸ਼ਿਆਂ ਨਾਲ ਅਸਲ ਲੜਾਈ ਕਿਸ ਨੇ ਲੜੀ ਅਤੇ ਤਸਕਰਾਂ ਦੀ ਰੱਖਿਆ ਕਿਸ ਨੇ ਕੀਤੀ। ਉਨ੍ਹਾਂ ਨੇ ਦਲੀਲ ਦਿੱਤੀ ਕਿ ਜੇਕਰ ਰਾਜਪਾਲ ਵਾਕਈ ਗੰਭੀਰ ਹਨ ਤਾਂ ਉਨ੍ਹਾਂ ਨੂੰ ਉਹਨਾਂ ਸੰਸਥਾਵਾਂ ਅਤੇ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਜੋ ਜ਼ਮੀਨੀ ਪੱਧਰ ‘ਤੇ ਇਮਾਨਦਾਰੀ ਨਾਲ ਨਸ਼ਿਆਂ ਵਿਰੁੱਧ ਕੰਮ ਕਰ ਰਹੇ ਹਨ।

ਉਨ੍ਹਾਂ ਅੰਤ ਵਿੱਚ ਕਿਹਾ ਕਿ ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਮਿਲ ਕੇ ਚਲਾਈ ਗਈ ਕਿਸੇ ਵੀ ਮੁਹਿੰਮ ਨੂੰ ਜਨਤਾ ਦਾ ਸਮਰਥਨ ਨਹੀਂ ਮਿਲੇਗਾ। ‘ਆਪ’ ਸਰਕਾਰ ਆਪਣੀ ਮੁਹਿੰਮ ਜਾਰੀ ਰੱਖੇਗੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।


RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments