HomePunjabMalerkotlaਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ 'ਤੇ ਲਗਾਏ ਗਏ ਮੈਪਿੰਗ ਕੈਂਪ

ਵੋਟਰ ਸੂਚੀਆਂ ਦੀ ਸ਼ੁੱਧਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਅਭਿਆਨ, 400 ਪੋਲਿੰਗ ਬੂਥਾਂ ‘ਤੇ ਲਗਾਏ ਗਏ ਮੈਪਿੰਗ ਕੈਂਪ

·       ਮਾਲੇਰਕੋਟਲਾ ਜ਼ਿਲ੍ਹੇ ਵਿੱਚ ਕਰੀਬ 90 ਫੀਸਦੀ ਵੋਟਰ ਮੈਪਿੰਗ ਮੁਕੰਮਲ, ਐੱਸ.ਆਈ.ਆਰ ਦੌਰਾਨ ਲੋਕਾਂ ਤੋਂ ਵੱਧ ਤੋਂ ਵੱਧ ਸਹਿਯੋਗ ਦੀ ਅਪੀਲ

·       ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਸਬੰਧੀ ਜਾਣਕਾਰੀ ਅਤੇ ਸਹਾਇਤਾ ਲਈ ਹੈਲਪ ਡੈਸਕ ਸਥਾਪਿਤ

ਮਾਲੇਰਕੋਟਲਾ: ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.)-2026 ਤਹਿਤ ਚਲਾਈ ਜਾ ਰਹੀ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ 400 ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਮੈਪਿੰਗ ਕੈਂਪ ਲਗਾਏ ਗਏ, ਜਿੱਥੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਨਾਲ ਜੋੜਨ ਅਤੇ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ।

ਚੋਣ ਤਹਿਸੀਲਦਾਰ ਬ੍ਰਿਜ ਮੋਹਨ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਮੈਪਿੰਗ ਕਾਰਜ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਹਦਾਇਤ ਕੀਤੀ ਕਿ ਹਰੇਕ ਯੋਗ ਵੋਟਰ ਤੱਕ ਪਹੁੰਚ ਬਣਾਈ ਜਾਵੇ ਅਤੇ ਮੈਪਿੰਗ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਅੱਪਡੇਟ ਵੋਟਰ ਸੂਚੀਆਂ ਲੋਕਤੰਤਰ ਦੀ ਮਜ਼ਬੂਤੀ ਲਈ ਬੇਹੱਦ ਜ਼ਰੂਰੀ ਹਨ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਕੁੱਲ 3,25,391 ਰਜਿਸਟਰਡ ਵੋਟਰਾਂ ਵਿੱਚੋਂ 2,91,694 ਵੋਟਰਾਂ ਦੀ ਮੈਪਿੰਗ ਸਫਲਤਾਪੂਰਵਕ ਕੀਤੀ ਜਾ ਚੁੱਕੀ ਹੈ, ਜੋ ਕਿ ਕੁੱਲ ਵੋਟਰਾਂ ਦਾ 90 ਫੀਸਦੀ ਬਣਦਾ ਹੈ। ਉਨ੍ਹਾਂ ਇਸ ਮਹੱਤਵਪੂਰਨ ਕਾਰਜ ਵਿੱਚ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ, ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਅਤੇ ਹੋਰ ਸਬੰਧਤ ਧਿਰਾਂ ਦੀ ਸ਼ਲਾਘਾ ਕੀਤੀ।

ਚੋਣ ਤਹਿਸੀਲਦਾਰ ਨੇ ਇਹ ਵੀ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਚੋਣ ਦਫ਼ਤਰ, ਮਾਲੇਰਕੋਟਲਾ ਵਿਖੇ ਇੱਕ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਇਸ ਹੈਲਪ ਡੈਸਕ ਰਾਹੀਂ ਵੋਟਰ ਸੂਚੀਆਂ ਨਾਲ ਸਬੰਧਤ ਦਾਅਵਿਆਂ, ਇਤਰਾਜ਼ਾਂ, ਨਾਮ ਦਰਜ ਕਰਵਾਉਣ, ਸੋਧ ਅਤੇ ਹੋਰ ਲੋੜੀਂਦੀ ਜਾਣਕਾਰੀ ਬਾਰੇ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਅਨੁਸਾਰ ਵੋਟਰ ਸੂਚੀ ਦੇ ਖਰੜੇ ਦਾ ਪ੍ਰਕਾਸ਼ਨ 03 ਅਗਸਤ 2026 ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 03 ਅਗਸਤ ਤੋਂ 02 ਸਤੰਬਰ 2026 ਤੱਕ ਰਹੇਗੀ, ਜਦਕਿ ਇਨ੍ਹਾਂ ਦੇ ਨਿਪਟਾਰੇ ਦੀ ਪ੍ਰਕਿਰਿਆ 28 ਸਤੰਬਰ 2026 ਤੱਕ ਜਾਰੀ ਰਹੇਗੀ।

ਉਨ੍ਹਾਂ ਸਮੂਹ ਵੋਟਰਾਂ, ਬੀ.ਐਲ.ਏਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ, ਪਾਰਦਰਸ਼ੀ ਅਤੇ ਭਰੋਸੇਯੋਗ ਬਣਾਉਣ ਲਈ ਆਪਣਾ ਸਹਿਯੋਗ ਦੇਣ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments