ਹੁਸ਼ਿਆਰਪੁਰ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਸਾਰੇ ਹੁਕਮ 7 ਸਤੰਬਰ 2026 ਤੱਕ ਲਾਗੂ ਰਹਿਣਗੇ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹੇ ਵਿੱਚ ਪ੍ਰੈਗਾਬਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਸਟਾਕ ਕਰਨ ਜਾਂ ਵੇਚਣ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਇਹ ਦਵਾਈ ਵੇਚਣ ‘ਤੇ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਗਰਮੀਆਂ ਦੌਰਾਨ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਵਿੱਚ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖਿਆ ਹੋਇਆ ਹੈ, ਉਨ੍ਹਾਂ ਲਈ ਪਸ਼ੂ ਪਾਲਣ ਵਿਭਾਗ ਕੋਲ ਰਜਿਸਟ੍ਰੇਸ਼ਨ ਕਰਵਾਉਣਾ ਵੀ ਲਾਜ਼ਮੀ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਦੌਰਾਨ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ‘ਤੇ ਵੀ ਪੂਰਨ ਪਾਬੰਦੀ ਲਗਾਈ ਹੈ। ਅਜਿਹਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇੱਕ ਹੋਰ ਹੁਕਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ, ਪੰਚਾਇਤ, ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨਾਂ ਕਿਸੇ ਛੱਪੜ ਨੂੰ ਨਹੀਂ ਪੂਰ ਸਕੇਗੀ।
ਇਸੇ ਤਰ੍ਹਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਗਲੀਆਂ ਅਤੇ ਰਸਤਿਆਂ ਵਿੱਚ ਨਾਜਾਇਜ਼ ਬੋਰ ਕਰਨ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ ਹੈ।







