Friday, October 2, 2026
Home Punjab Ludhiana ਬਾਲ ਸੰਭਾਲ ਗ੍ਰਹਿਆਂ ਦੇ ਬੱਚਿਆਂ ਲਈ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਕਰਵਾਈ

ਬਾਲ ਸੰਭਾਲ ਗ੍ਰਹਿਆਂ ਦੇ ਬੱਚਿਆਂ ਲਈ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਕਰਵਾਈ

0
6

ਲੁਧਿਆਣਾ, 1 ਅਕਤੂਬਰ, 2026:

ਖੇਡਾਂ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਟੀਮ ਭਾਵਨਾ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ: ਗੁਰਮੀਤ ਸਿੰਘ

ਜੁਵੇਨਾਈਲ ਜਸਟਿਸ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ ਅਧੀਨ ਸਥਾਪਿਤ ਸਰਕਾਰੀ ਅਤੇ ਗੈਰ-ਸਰਕਾਰੀ ਬਾਲ ਸੰਭਾਲ ਗ੍ਰਹਿਆਂ ਵਿੱਚ ਰਹਿ ਰਹੇ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਦੀ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਸਪੋਰਟਸ ਮੀਟ ਕਰਵਾਈ ਗਈ। ਇਸ ਮੁਕਾਬਲੇ ਵਿੱਚ ਬੱਚਿਆਂ ਨੇ ਪੂਰੇ ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

ਸਪੋਰਟਸ ਮੀਟ ਦੌਰਾਨ ਬੱਚਿਆਂ ਲਈ 100 ਮੀਟਰ ਦੌੜ, ਰਿਲੇਅ ਦੌੜ, ਲੰਬੀ ਛਾਲ, ਉੱਚੀ ਛਾਲ ਅਤੇ ਰੱਸਾਕਸ਼ੀ ਸਮੇਤ ਵੱਖ-ਵੱਖ ਖੇਡ ਮੁਕਾਬਲੇ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਸਾਰੇ ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਮੌਕੇ ਭਾਗ ਲੈਣ ਵਾਲੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ ਗਈ, ਤਾਂ ਜੋ ਉਨ੍ਹਾਂ ਵਿੱਚ ਖੇਡਾਂ ਪ੍ਰਤੀ ਰੁਚੀ ਅਤੇ ਆਤਮ-ਵਿਸ਼ਵਾਸ ਹੋਰ ਵਧਾਇਆ ਜਾ ਸਕੇ।

ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਇਨ੍ਹਾਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਵਿਕਸਿਤ ਹੁੰਦੀ ਹੈ। ਖੇਡਾਂ ਬੱਚਿਆਂ ਨੂੰ ਜਿੱਤ ਅਤੇ ਹਾਰ ਨੂੰ ਖੇਡ ਭਾਵਨਾ ਨਾਲ ਸਵੀਕਾਰ ਕਰਨ ਦੀ ਸਿੱਖਿਆ ਵੀ ਦਿੰਦੀਆਂ ਹਨ। ਅਜਿਹੇ ਸਮਾਗਮ ਬੱਚਿਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀ ਸਮਰੱਥਾ ਪਛਾਣਨ ਲਈ ਵਧੀਆ ਮੰਚ ਪ੍ਰਦਾਨ ਕਰਦੇ ਹਨ।

ਉਨ੍ਹਾਂ ਕਿਹਾ ਕਿ ਬੱਚਿਆਂ ਦੀ ਭਲਾਈ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਵਿੱਦਿਅਕ, ਰਚਨਾਤਮਕ ਅਤੇ ਖੇਡ-ਆਧਾਰਿਤ ਗਤੀਵਿਧੀਆਂ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਹੇਗਾ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਤੋਂ ਇਲਾਵਾ ਜ਼ਿਲ੍ਹਾ ਬਾਲ ਵਿਕਾਸ ਯੂਨਿਟ ਅਤੇ ਚਾਈਲਡ ਲਾਈਨ ਦੇ ਸਟਾਫ਼ ਮੈਂਬਰ ਦੀਪਕ ਕੁਮਾਰ, ਮਨਜੀਤ ਕੌਰ, ਸੰਦੀਪ ਸਿੰਘ, ਕੁਲਵਿੰਦਰ ਕੌਰ, ਹਰਿੰਦਰ ਸਿੰਘ, ਸੰਜਨਾ, ਰੀਤੂ ਸੂਦ, ਕਿਰਨਦੀਪ ਕੌਰ, ਕਮਲਜੀਤ ਕੌਰ ਅਤੇ ਸੰਦੀਪ ਸਾਗਰ ਵੀ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਵੱਖ-ਵੱਖ ਖੇਡ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਸਾਰੇ ਬੱਚਿਆਂ ਨੂੰ ਨਿਯਮਿਤ ਤੌਰ ’ਤੇ ਖੇਡਾਂ ਤੇ ਹੋਰ ਰਚਨਾਤਮਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਸਪੋਰਟਸ ਮੀਟ ਬੱਚਿਆਂ ਲਈ ਇੱਕ ਯਾਦਗਾਰ ਅਤੇ ਪ੍ਰੇਰਨਾਦਾਇਕ ਤਜਰਬਾ ਸਾਬਤ ਹੋਈ, ਜਿਸ ਨੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦੇ ਨਾਲ-ਨਾਲ ਆਪਸੀ ਸਾਂਝ ਅਤੇ ਖੇਡ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕੀਤਾ।

LEAVE A REPLY

Please enter your comment!
Please enter your name here