Home Punjab ਰੂਪਨਗਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ, ਮੁੱਖ ਮੰਤਰੀ ਮਾਨ...

ਰੂਪਨਗਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਸਮਾਗਮ, ਮੁੱਖ ਮੰਤਰੀ ਮਾਨ ਨੇ ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼

0
1

ਰੂਪਨਗਰ: ਰੂਪਨਗਰ ਦੇ ਸਰਕਾਰੀ ਕਾਲਜ ਮੈਦਾਨ ਵਿੱਚ ਕਰਵਾਏ ਗਏ ਰਾਜ ਪੱਧਰੀ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਪ੍ਰਸਿੱਧ ਗਾਇਕ ਹੰਸਰਾਜ ਰਘੂਵੰਸ਼ੀ ਦੇ ਭਜਨਾਂ ਨੇ ਸ਼ਰਧਾਲੂਆਂ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ, ਜਦਕਿ ਪੂਰਾ ਪੰਡਾਲ “ਹਰ ਹਰ ਮਹਾਦੇਵ” ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।

ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਆਪਸੀ ਭਾਈਚਾਰਕ ਸਾਂਝ ਅਤੇ ਧਾਰਮਿਕ ਸਦਭਾਵਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ ਅਤੇ ਪੰਜਾਬ ਦੀ ਧਰਤੀ ‘ਤੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 1 ਅਗਸਤ ਤੋਂ 40 ਲੱਖ ਨਵੀਆਂ ਰਜਿਸਟਰਡ ਔਰਤਾਂ ਨੂੰ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਧਾਰਮਿਕ ਸਮਾਗਮਾਂ ਨੂੰ ਉਤਸ਼ਾਹ ਨਾਲ ਮਨਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੋਂ ਬਾਅਦ ਹੁਣ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੀ ਵਿਸ਼ਾਲ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਨੈਣਾ ਦੇਵੀ, ਹਰਿਦੁਆਰ, ਖਾਟੂ ਸ਼ਿਆਮ ਅਤੇ ਹੋਰ ਧਾਰਮਿਕ ਸਥਾਨਾਂ ਲਈ ਮੁਫ਼ਤ ਯਾਤਰਾ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਪੰਜਾਬ ਵਾਸੀਆਂ ਨੂੰ ਜਾਤ-ਪਾਤ, ਧਰਮ ਅਤੇ ਹੋਰ ਵਖਰੇਵਿਆਂ ਤੋਂ ਉੱਪਰ ਉੱਠ ਕੇ ਏਕਤਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਮਿਲ ਕੇ ਨਸ਼ਾ-ਮੁਕਤ, ਖੁਸ਼ਹਾਲ ਅਤੇ ਤਰੱਕੀਸ਼ੀਲ ‘ਰੰਗਲਾ ਪੰਜਾਬ’ ਦੀ ਉਸਾਰੀ ਲਈ ਯੋਗਦਾਨ ਪਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here