ਪਟਿਆਲਾ, 28 ਨਵੰਬਰ:
ਨਗਰ ਨਿਗਮ ਪਟਿਆਲਾ ਦੀਆਂ 30 ਵਾਰਡਾਂ ਵਿੱਚ ਹੋਈਆਂ ਮੁੜ ਚੋਣਾਂ ਦਾ ਸਮੁੱਚਾ ਅਮਲ ਅੱਜ ਅਮਨ-ਅਮਾਨ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਿਆ, ਇਸ ਦੌਰਾਨ 42.48 ਫੀਸਦੀ ਮਤਦਾਨ ਹੋਇਆ ਹੈ।ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਆਬਜਰਵਰ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਿਮਾਂਸ਼ੂ ਜੈਨ, ਐਸ.ਐਸ.ਪੀ. ਹਰਮਨਦੀਪ ਹਾਂਸ, ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੁਨੀਲ ਫੋਗਾਟ, ਐਸ.ਪੀ. ਮੋਹਿਤ ਅਗਰਵਾਲ ਅਤੇ ਸਬੰਧਤ ਰਿਟਰਨਿੰਗ ਅਧਿਕਾਰੀਆਂ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
ਚੋਣ ਆਬਜਰਵਰ ਡਾ. ਸੇਨੂ ਦੁੱਗਲ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪੋਲਿੰਗ ਸਟੇਸ਼ਨਾਂ ਦੇ ਦੌਰੇ ਦੌਰਾਨ ਚੋਣ ਅਮਲੇ, ਵੋਟਰਾਂ ਅਤੇ ਉਮੀਦਵਾਰਾਂ ਦੇ ਪੋਲਿੰਗ ਏਜੰਟਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਚੋਣ ਪ੍ਰਬੰਧਾਂ ਅਤੇ ਮਤਦਾਨ ਪ੍ਰਕਿਰਿਆ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੌਰੇ ਦੌਰਾਨ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਸਾਹਮਣੇ ਨਹੀਂ ਆਈ ਅਤੇ ਰਾਜ ਚੋਣ ਕਮਿਸ਼ਨ ਦੀ ਅਗਵਾਈ ਹੇਠ ਸਮੁੱਚੀ ਪ੍ਰਕਿਰਿਆ ਸੁਚਾਰੂ ਢੰਗ ਨਾਲ ਚੱਲ ਰਹੀ ਸੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਕੀਤੇ ਹੁਕਮਾਂ ਅਨੁਸਾਰ ਇਨ੍ਹਾਂ ਚੋਣਾਂ ਲਈ ਗਠਿਤ ਮੋਨੀਟਰਿੰਗ ਕਮੇਟੀ ਵੀ ਵੋਟਾਂ ਪੈਣ ਦੇ ਅਮਲ ਦੌਰਾਨ ਮੌਜੂਦ ਰਹੀ ਹੈ ਅਤੇ ਪੂਰੀ ਨਿਗਰਾਨੀ ਹੇਠ ਇਹ ਵੋਟਾਂ ਪਈਆਂ ਹਨ। ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਦੌਰਾਨ ਪਈਆਂ ਵੋਟਾਂ ਦੀ ਗਿਣਤੀ ਦੀ ਤਰੀਕ ਰਾਜ ਚੋਣ ਕਮਿਸ਼ਨ ਵੱਲੋਂ ਮਾਣਯੋਗ ਹਾਈਕੋਰਟ ਦੀ ਮਨਜ਼ੂਰੀ ਤੋਂ ਬਾਅਦ ਹੀ ਐਲਾਨੀ ਜਾਵੇਗੀ।
ਇਸੇ ਦੌਰਾਨ ਵੱਖ-ਵੱਖ ਪੋਲਿੰਗ ਸਟੇਸ਼ਨਾਂ ’ਤੇ ਵੋਟ ਪਾਉਣ ਆਏ ਵੋਟਰਾਂ ਨੇ ਵੀ ਸ਼ਾਂਤੀਪੂਰਵਕ ਅਤੇ ਨਿਰਵਿਘਨ ਮਤਦਾਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਵੋਟਰਾਂ ਨੇ ਕਿਹਾ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਉਣ ਲਈ ਚੋਣ ਅਧਿਕਾਰੀਆਂ ਅਤੇ ਅਮਲੇ ਵੱਲੋਂ ਸੁਚੱਜੇ ਢੰਗ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਗਈਆਂ।
ਏ.ਡੀ.ਸੀ. ਸੁਨੀਲ ਫੋਗਾਟ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਮੁੜ ਚੋਣਾਂ ਵਾਲੀਆਂ 30 ਵਾਰਡਾਂ ਵਿੱਚ ਵਾਰਡ ਨੰਬਰ 1, 4, 6, 12, 14, 15, 16, 22, 26, 29, 32, 33, 34, 36, 37, 38, 40, 41, 43, 44, 45, 46, 48, 50, 51, 52, 53, 55, 57 ਅਤੇ 58 ਸ਼ਾਮਲ ਹਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 123 ਪੋਲਿੰਗ ਬੂਥਾਂ ’ਤੇ ਮਤਦਾਨ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਕੁੱਲ 1,49,768 ਵੋਟਰਾਂ ਵਿੱਚ 77,419 ਮਰਦ, 72,338 ਔਰਤਾਂ ਅਤੇ 11 ਤੀਜੇ ਲਿੰਗ ਦੇ ਵੋਟਰ ਸ਼ਾਮਲ ਸਨ, ਜਿਨ੍ਹਾਂ ਵਿੱਚੋਂ 42.48 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਸੁਨੀਲ ਫੋਗਾਟ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਸੀ.ਸੀ.ਟੀ.ਵੀ. ਕੈਮਰਿਆਂ ਸਮੇਤ ਸੁਰੱਖਿਆ ਅਤੇ ਨਿਗਰਾਨੀ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਸ ਸਦਕਾ ਚੋਣ ਪ੍ਰਕਿਰਿਆ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਸਮੁੱਚੀ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਲਈ ਵੋਟਰਾਂ, ਉਮੀਦਵਾਰਾਂ, ਪੋਲਿੰਗ ਏਜੰਟਾਂ, ਚੋਣ ਅਮਲੇ ਅਤੇ ਸੁਰੱਖਿਆ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਇਸੇ ਦੌਰਾਨ ਰਿਟਰਨਿੰਗ ਅਫ਼ਸਰ-ਕਮ-ਏ.ਐਮ.ਡੀ., ਪੀ.ਆਰ.ਟੀ.ਸੀ. ਇੰਦਰਪਾਲ ਸਿੰਘ, ਸਹਾਇਕ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਹਰਪ੍ਰੀਤ ਸਿੰਘ ਕਟਾਰੀਆ, ਡਿਪਟੀ ਕਮਿਸ਼ਨਰ ਆਬਕਾਰੀ (ਡਿਸਟਿਲਰੀ)-ਕਮ-ਰਿਟਰਨਿੰਗ ਅਫ਼ਸਰ ਖੁਸ਼ਦਿਲ ਸਿੰਘ ਅਤੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇਜ਼) ਵਨੀਤ ਸਿੰਗਲਾ ਵੱਲੋਂ ਵੀ ਵੱਖ-ਵੱਖ ਵਾਰਡਾਂ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ। ਇਸ ਤੋਂ ਇਲਾਵਾ ਸ਼ਹਿਰ ਦੇ ਡੀ.ਐਸ.ਪੀ. ਸਿਟੀ-1 ਅਤੇ ਡੀ.ਐਸ.ਪੀ. ਸਿਟੀ-2 ਸਮੇਤ ਹੋਰ ਪੁਲਿਸ ਅਧਿਕਾਰੀਆਂ ਵੱਲੋਂ ਵੀ ਪੋਲਿੰਗ ਸਟੇਸ਼ਨਾਂ ’ਤੇ ਸੁਰੱਖਿਆ ਪ੍ਰਬੰਧਾਂ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ।





