ਮੋਗਾ: ਵਧ ਰਹੀ ਮਹਿੰਗਾਈ, ਰਸੋਈ ਗੈਸ ਅਤੇ ਈਂਧਨ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ-ਨਾਲ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੋਗਾ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਡੀ.ਸੀ. ਦਫ਼ਤਰ ਦੇ ਬਾਹਰ ਇਕੱਠੇ ਹੋ ਕੇ ਆਪਣੇ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਅਤੇ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮਹਿੰਗਾਈ ਕਾਰਨ ਆਮ ਲੋਕਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਨੇ ਨਾ ਸਿਰਫ਼ ਕਿਸਾਨਾਂ ਸਗੋਂ ਮਜ਼ਦੂਰਾਂ, ਛੋਟੇ ਵਪਾਰੀਆਂ ਅਤੇ ਮੱਧ ਵਰਗ ਦੀਆਂ ਮੁਸ਼ਕਲਾਂ ਵੀ ਵਧਾ ਦਿੱਤੀਆਂ ਹਨ।
ਕਿਸਾਨ ਆਗੂਆਂ ਨੇ ਖੇਤੀ ਲਈ ਲੋੜੀਂਦੀ ਖਾਦ ਦੀ ਉਪਲਬਧਤਾ ਨੂੰ ਲੈ ਕੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਖਾਦ ਦੀ ਸਪਲਾਈ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪ੍ਰਦਰਸ਼ਨ ਦੌਰਾਨ ਹਾਲ ਹੀ ਵਿੱਚ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਹੋਈ ਕਾਰਵਾਈ ‘ਤੇ ਵੀ ਨਾਰਾਜ਼ਗੀ ਜਤਾਈ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਲੋਕਤੰਤਰੀ ਢੰਗ ਨਾਲ ਆਪਣੀਆਂ ਮੰਗਾਂ ਉਠਾਉਣ ਵਾਲਿਆਂ ਦੀ ਆਵਾਜ਼ ਸੁਣੀ ਜਾਣੀ ਚਾਹੀਦੀ ਹੈ ਅਤੇ ਸੰਵਾਦ ਰਾਹੀਂ ਮਸਲਿਆਂ ਦਾ ਹੱਲ ਕੱਢਿਆ ਜਾਣਾ ਚਾਹੀਦਾ ਹੈ।
ਕਿਸਾਨ ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਵਿਆਪਕ ਰੂਪ ਦਿੱਤਾ ਜਾ ਸਕਦਾ ਹੈ।









