ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ-11 ਵਿੱਚ ਪੀਜੀਆਈ ਨੇੜੇ ਸਥਿਤ ਇੱਕ ਮੈਡੀਕਲ ਸਟੋਰ ‘ਤੇ ਸ਼ਨੀਵਾਰ ਦੁਪਹਿਰ ਦਿਨ ਦਿਹਾੜੇ ਹੋਈ ਫਾਇਰਿੰਗ ਦੀ ਘਟਨਾ ਨੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਹਮਲਾਵਰ ਗਾਹਕ ਬਣ ਕੇ ਸਟੋਰ ਵਿੱਚ ਦਾਖਲ ਹੋਏ ਅਤੇ ਅਚਾਨਕ ਗੋਲੀਆਂ ਚਲਾਉਣ ਲੱਗ ਪਏ।
ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਚਿਹਰਿਆਂ ‘ਤੇ ਮਾਸਕ ਪਾਏ ਹੋਏ ਸਨ ਅਤੇ ਉਹ ਇੱਕ ਸਕੂਟਰ ‘ਤੇ ਸਵਾਰ ਹੋ ਕੇ ਆਏ ਸਨ। ਫਾਇਰਿੰਗ ਤੋਂ ਬਾਅਦ ਦੋਵੇਂ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਪੁਲਿਸ ਜਾਂਚ ਕਰ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਕਰੀਬ ਸੱਤ ਗੋਲੀਆਂ ਚਲਾਈਆਂ, ਜਿਸ ਨਾਲ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਅਤੇ ਇੱਕ ਹੋਰ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਕੈਸ਼ੀਅਰ ਜਾਨਕੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।
ਘਟਨਾ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਪੂਰੇ ਮਾਰਕੀਟ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ, ਚਸ਼ਮਦੀਦਾਂ ਦੇ ਬਿਆਨਾਂ ਅਤੇ ਹੋਰ ਸਬੂਤਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਜਾਂਚ ਤੇਜ਼ ਕਰ ਦਿੱਤੀ ਗਈ ਹੈ।
ਮੁੱਢਲੀ ਜਾਂਚ ਵਿੱਚ ਹਮਲੇ ਦੇ ਕਾਰਨਾਂ ਦਾ ਅਜੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ। ਪੁਲਿਸ ਵੱਖ-ਵੱਖ ਪੱਖਾਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਨਾਕਾਬੰਦੀ ਕੀਤੀ ਗਈ ਹੈ।









