Home Punjab ਖਰਾਬ ਮੌਸਮ ਨਾਲ ਨੁਕਸਾਨੀ ਫਸਲਾਂ ਲਈ ਸਰਕਾਰ ਸਰਗਰਮ, 500 ਤੋਂ ਵੱਧ ਅਧਿਕਾਰੀ...

ਖਰਾਬ ਮੌਸਮ ਨਾਲ ਨੁਕਸਾਨੀ ਫਸਲਾਂ ਲਈ ਸਰਕਾਰ ਸਰਗਰਮ, 500 ਤੋਂ ਵੱਧ ਅਧਿਕਾਰੀ ਮੈਦਾਨ ਵਿੱਚ

0
35

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ ਵਿੱਚ ਖਰਾਬ ਮੌਸਮ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਉਣ ਲਈ ਰਾਜ ਦੇ ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਖੇਤੀਬਾੜੀ ਵਿਭਾਗ ਦੇ 500 ਤੋਂ ਵੱਧ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 145 ਗਰੁੱਪ-ਏ ਅਧਿਕਾਰੀ ਵੀ ਸ਼ਾਮਲ ਹਨ, ਜੋ ਅੰਮ੍ਰਿਤਸਰ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਚੱਲ ਰਹੇ ਮੁਲਾਂਕਣ ਕੰਮਾਂ ਦੀ ਨਿਗਰਾਨੀ ਕਰ ਰਹੇ ਹਨ। ਇਹ ਟੀਮਾਂ ਮਾਲ ਵਿਭਾਗ ਨਾਲ ਤਾਲਮੇਲ ਕਰਕੇ ‘ਵਿਸ਼ੇਸ਼ ਗਿਰਦਾਵਰੀ’ ਦੇ ਐਲਾਨ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕੰਮ ਕਰ ਰਹੀਆਂ ਹਨ, ਜੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਲਈ ਕੀਤਾ ਗਿਆ ਇੱਕ ਮਹੱਤਵਪੂਰਨ ਫੈਸਲਾ ਹੈ।

ਮੰਤਰੀ ਨੇ ਦੱਸਿਆ ਕਿ ਮੁੱਢਲੀਆਂ ਰਿਪੋਰਟਾਂ ਅਨੁਸਾਰ ਹਾਲੀਆ ਮੀਂਹ ਅਤੇ ਗੜੇਮਾਰੀ ਕਾਰਨ ਕਰੀਬ 1.25 ਲੱਖ ਏਕੜ ਵਿੱਚ ਕਣਕ ਦੀ ਫਸਲ ਪ੍ਰਭਾਵਿਤ ਹੋਈ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਸੰਕਟ ਸਮੇਂ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਨਿਯਮਾਂ ਅਨੁਸਾਰ ਹਰ ਪ੍ਰਭਾਵਿਤ ਕਿਸਾਨ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰਾਂ ਤੋਂ ਅੰਤਿਮ ਰਿਪੋਰਟਾਂ ਮਿਲਣ ਉਪਰੰਤ ਮੁਆਵਜ਼ੇ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਂਕਣ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸਹੀ ਢੰਗ ਨਾਲ ਕੀਤੀ ਜਾਵੇ ਅਤੇ ਕਿਸਾਨਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਿਆ ਜਾਵੇ, ਨਾਲ ਹੀ ਉਨ੍ਹਾਂ ਨੂੰ ਫਸਲ ਬਚਾਅ ਲਈ ਤਕਨੀਕੀ ਮਦਦ ਵੀ ਪ੍ਰਦਾਨ ਕੀਤੀ ਜਾਵੇ।


LEAVE A REPLY

Please enter your comment!
Please enter your name here