ਮਾਨਸਾ, 23 ਅਪ੍ਰੈਲ:
ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਤੇ ਏਡੀਸੀ ਵੱਲੋਂ ਅਨੁਸੂਚਿਤ ਜਾਤੀਆਂ ਲਈ ਚੱਲ ਰਹੀਆਂ ਯੋਜਨਾਵਾਂ ਦੀ ਸਮੀਖਿਆ
ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਯੋਜਨਾਵਾਂ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਦਿੱਤੇ ਦਿਸ਼ਾ-ਨਿਰਦੇਸ਼
ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਦਾ ਲਾਭ ਹਰ ਲੋੜਵੰਦ ਤੱਕ ਪਹੁੰਚਾਉਣ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕੀਤੀ ਜਦਕਿ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ, ਖ਼ਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਅਤੇ ਵਾਰਡਾਂ ਵਿੱਚ ਜਾ ਕੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ ਤਾਂ ਜੋ ਕੋਈ ਵੀ ਯੋਗ ਵਿਅਕਤੀ ਲਾਭ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲਾਭਪਾਤਰੀਆਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨ ਦੀ ਬਜਾਏ, ਉਨ੍ਹਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਦੀ ਗਤੀ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਬੀਤੇ ਵਿੱਤੀ ਵਰ੍ਹੇ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਕਰਦਿਆਂ ਸਿੱਖਿਆ, ਸਿਹਤ, ਜ਼ਿਲ੍ਹਾ ਸਮਾਜਿਕ ਸੁਰੱਖਿਆ, ਖੇਤੀਬਾੜੀ, ਬਾਗਬਾਨੀ, ਮੱਛੀ ਪਾਲਣ, ਵਣ ਵਿਭਾਗ, ਡੇਅਰੀ ਵਿਕਾਸ, ਪਸ਼ੂ ਪਾਲਣ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। ਇਸ ਤੋਂ ਇਲਾਵਾ ਰੋਜ਼ਗਾਰ ਵਿਭਾਗ, ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਅਤੇ ਪੇਡਾ ਵੱਲੋਂ ਸਵੈ-ਰੋਜ਼ਗਾਰ ਅਤੇ ਤਕਨੀਕੀ ਸਿੱਖਿਆ ਰਾਹੀਂ ਅਨੁਸੂਚਿਤ ਜਾਤੀਆਂ ਦੇ ਪ੍ਰਾਰਥੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਕੀਤੇ ਗਏ ਉਪਰਾਲਿਆਂ ‘ਤੇ ਵੀ ਵਿਸਤ੍ਰਿਤ ਚਰਚਾ ਹੋਈ।
ਇਸ ਮੀਟਿੰਗ ਵਿੱਚ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸਰ ਗੁਰਿੰਦਰਜੀਤ ਸਿੰਘ ਧਾਲੀਵਾਲ, ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਪ੍ਰਧਾਨ ਸ਼ਰਨਜੀਤ ਕੌਰ, ਕਿਰਤਪਾਲ ਸਿੰਘ ਕਿਰਤੀ, ਰਣਦੀਪ ਸ਼ਰਮਾ, ਡਾ. ਭਰਪੂਰ ਸਿੰਘ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।








