ਤਰਨਤਾਰਨ: ਸਰਹਾਲੀ ਕਲਾਂ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਤਾਬਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲ ਸੂਆ ਸਰਹਾਲੀ ਕਲਾਂ ਨੇੜੇ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਿਸ ਟੀਮ ਨੇ ਇੱਕ ਸ਼ੱਕੀ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ।
ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ, ਜਿਸ ਦੌਰਾਨ ਮੁਲਜ਼ਮ ਨੂੰ ਦੋ ਗੋਲੀਆਂ ਲੱਗੀਆਂ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ। ਮੁਲਜ਼ਮ ਦੀ ਪਛਾਣ ਇੰਦਰ ਉਰਫ਼ ਅਜੇ, ਪੁੱਤਰ ਭੁਪਿੰਦਰ ਸਿੰਘ ਵਜੋਂ ਹੋਈ ਹੈ।
ਪੁਲਿਸ ਅਨੁਸਾਰ ਮੁਲਜ਼ਮ ਦੇ ਕਬਜ਼ੇ ਵਿੱਚੋਂ ਇੱਕ PX-5 ਪਿਸਤੌਲ ਅਤੇ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਪੁਲਿਸ ਮੁਤਾਬਕ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ਵਿੱਚ ਚਾਰ ਮਾਮਲੇ ਦਰਜ ਹਨ ਅਤੇ ਉਹ ਕਥਿਤ ਤੌਰ ’ਤੇ ਗੋਲੀਬਾਰੀ ਦੀਆਂ ਕਈ ਵਾਰਦਾਤਾਂ ਵਿੱਚ ਸ਼ਾਮਲ ਰਹਿ ਚੁੱਕਾ ਹੈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਸਰਹਾਲੀ ਵਿੱਚ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੇ ਪਿਛਲੇ ਅਪਰਾਧਿਕ ਰਿਕਾਰਡ ਅਤੇ ਹੋਰ ਸੰਭਾਵਿਤ ਮਾਮਲਿਆਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।






