ਯਮੁਨਾਨਗਰ ਦੇ ਬਿਲਾਸਪੁਰ ਵਿੱਚ 20 ਤੋਂ 24 ਨਵੰਬਰ ਤੱਕ ਆਯੋਜਿਤ ਹੋਵੇਗਾ ਪੰਜ ਰੋਜ਼ਾ ਰਾਜ ਪੱਧਰੀ ਕਪਾਲਮੋਚਨ ਮੇਲਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੇਲਾ ਸੂਬੇ ਦੀ ਅਮੀਰ ਧਾਰਮਿਕ, ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਦਾ ਪ੍ਰਤੀਕ ਹੈ। ਇਸ ਦੀ ਇਤਿਹਾਸਕ ਮਹੱਤਤਾ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਤਿਆਰੀਆਂ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੀਆਂ ਜਾਣ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੰਗਲਵਾਰ ਨੂੰ ਰਾਜ ਪੱਧਰੀ ਕਪਾਲਮੋਚਨ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਗਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਮੇਲੇ ਦੇ ਸੁਚਾਰੂ ਪ੍ਰਬੰਧਾਂ ਅਤੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਇੰਤਜ਼ਾਮ ਸਮੇਂ ਸਿਰ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਕਿਹਾ ਕਿ ਬਿਲਾਸਪੁਰ ਵਿਖੇ ਲਗਭਗ 122 ਏਕੜ ਰਕਬੇ ਵਿੱਚ 20 ਤੋਂ 24 ਨਵੰਬਰ ਤੱਕ ਲੱਗਣ ਵਾਲੇ ਇਸ ਪੰਜ ਰੋਜ਼ਾ ਮੇਲੇ ਦੌਰਾਨ ਸ਼ਰਧਾਲੂਆਂ ਦੀ ਸਹੂਲਤ, ਸੁਰੱਖਿਆ, ਸਫ਼ਾਈ ਅਤੇ ਆਵਾਜਾਈ ਦੇ ਸੁਚਾਰੂ ਪ੍ਰਬੰਧਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣ।
ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਡਾ. ਯਸ਼ਪਾਲ ਯਾਦਵ, ਮੁੱਖ ਮੰਤਰੀ ਦੇ ਓ.ਐੱਸ.ਡੀ. ਬੀ.ਬੀ. ਭਾਰਤੀ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ, ਯਮੁਨਾਨਗਰ ਦੀ ਡਿਪਟੀ ਕਮਿਸ਼ਨਰ ਪ੍ਰੀਤੀ, ਵਿਭਾਗ ਦੇ ਵਧੀਕ ਨਿਰਦੇਸ਼ਕ ਵਿਵੇਕ ਕਾਲੀਆ ਅਤੇ ਯਮੁਨਾਨਗਰ ਦੇ ਵਧੀਕ ਡਿਪਟੀ ਕਮਿਸ਼ਨਰ ਨਵੀਨ ਆਹੂਜਾ ਸਮੇਤ ਕਈ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੇਲੇ ਵਿੱਚ ਸਿੱਖ ਗੁਰੂ ਸਾਹਿਬਾਨ ਦੀ ਗੌਰਵਮਈ ਵਿਰਾਸਤ ਦੀ ਝਲਕ ਦੇਖਣ ਨੂੰ ਮਿਲੇਗੀ, ਲੋਕ ਭਲਾਈ ਸਕੀਮਾਂ ਬਾਰੇ ਵੀ ਦਿੱਤੀ ਜਾਵੇਗੀ ਜਾਣਕਾਰੀ:ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕਪਾਲਮੋਚਨ ਮੇਲੇ ਵਿੱਚ ਇੱਕ ਸ਼ਾਨਦਾਰ ਅਤੇ ਆਕਰਸ਼ਕ ਪ੍ਰਦਰਸ਼ਨੀ ਲਗਾਈ ਜਾਵੇ, ਜਿਸ ਵਿੱਚ ਸਿੱਖ ਧਰਮ ਦੇ ਦਸਾਂ ਗੁਰੂ ਸਾਹਿਬਾਨ ਦੇ ਗੌਰਵਮਈ ਇਤਿਹਾਸ, ਜੀਵਨ ਦਰਸ਼ਨ, ਮਹਾਨ ਸਿੱਖਿਆਵਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੇ ਅਮੁੱਲੇ ਯੋਗਦਾਨ ਨੂੰ ਤਸਵੀਰਾਂ ਰਾਹੀਂ ਦਰਸਾਇਆ ਜਾਵੇ। ਇਸ ਦੇ ਨਾਲ ਹੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਵਿਕਾਸਮੁਖੀ ਅਤੇ ਲੋਕ ਭਲਾਈ ਸਕੀਮਾਂ ਬਾਰੇ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ, ਤਾਂ ਜੋ ਲੋਕ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।



