Thursday, July 16, 2026
Home Patiala Updates ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਕਾਰਗੁਜ਼ਾਰੀ ਦੀ ਸਮੀਖਿਆ

ਸਿਹਤ ਮੰਤਰੀ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਕਾਰਗੁਜ਼ਾਰੀ ਦੀ ਸਮੀਖਿਆ

0
43

ਪਟਿਆਲਾ : ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਦਾ ਪੰਜਾਬ ਦੇ  ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅਚਾਨਕ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਪਟਿਆਲਾ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਲਚਕਾਣੀ ਪਹੁੰਚੇ, ਜਿੱਥੇ ਉਨ੍ਹਾਂ ਨੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਜਿੱਥੇ ਵੀ ਕਮੀਆਂ ਜਾਂ ਲਾਪਰਵਾਹੀ ਸਾਹਮਣੇ ਆਈ, ਉੱਥੇ ਸਿਹਤ ਮੰਤਰੀ ਨੇ ਮੌਕੇ ‘ਤੇ ਹੀ ਸੰਬੰਧਤ ਅਧਿਕਾਰੀਆਂ ਨੂੰ ਫੋਨ ਕਰਕੇ ਤੁਰੰਤ ਬੁਲਾਇਆ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜਾਰੀ ਕੀਤੇ ਕਾਰਡਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਯੋਗ ਲਾਭਪਾਤਰੀਆਂ ਤੱਕ ਯੋਜਨਾ ਦਾ ਪੂਰਾ ਲਾਭ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਫਾਇਦਾ ਹਰ ਘਰ ਤੱਕ ਪਹੁੰਚਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਅੱਜ ਪਟਿਆਲਾ ਸ਼ਹਿਰ ਦੇ ਏਕਤਾ ਵਿਹਾਰ ਅਤੇ ਸਨੀ ਐਨਕਲੇਵ ਇਲਾਕਿਆਂ ਵਿੱਚ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ, ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ ਸਥਾਨਕ ਪਾਰਟੀ ਆਗੂ ਵੀ ਮੌਜੂਦ ਸਨ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਵਿੱਚ ਸੜਕਾਂ ਦੀ ਮੁਰੰਮਤ, ਨਵੀਆਂ ਗਲੀਆਂ ਦੀ ਤਿਆਰੀ, ਸੀਵਰੇਜ ਪ੍ਰਣਾਲੀ ਦੀ ਸੁਧਾਰ, ਪੀਣ ਵਾਲੇ ਪਾਣੀ ਦੀ ਸਹੂਲਤ ਮਜ਼ਬੂਤ ਕਰਨਾ ਅਤੇ ਸਟਰੀਟ ਲਾਈਟਾਂ ਦੀ ਵਿਵਸਥਾ ਸ਼ਾਮਲ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਨੂੰ ਵਿਕਾਸ ਪੱਖੋਂ ਨੰਬਰ ਵਨ ਸ਼ਹਿਰ ਬਣਾਉਣ ਲਈ ਸਰਕਾਰ ਵਚਨਬੱਧ ਹੈ ਅਤੇ ਹਰ ਵਾਰਡ ਵਿੱਚ ਲੋੜ ਅਨੁਸਾਰ ਕੰਮ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਗਏ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਪਟਿਆਲਾ ਵਿੱਚ ਜਗ੍ਹਾ-ਜਗ੍ਹਾ ਮੁਹੱਲਾ ਕਲੀਨਿਕ ਖੋਲੇ ਗਏ ਹਨ, ਜਿੱਥੇ ਲੋਕਾਂ ਨੂੰ ਮੁਫ਼ਤ ਇਲਾਜ, ਟੈਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ। ਇਸ ਤੋਂ ਇਲਾਵਾ ਪਟਿਆਲਵੀਆਂ ਲਈ ਰਾਜਿੰਦਰਾ ਹਸਪਤਾਲ ਅਤੇ ਮਾਤਾ ਕੌਸ਼ਲਿਆ ਹਸਪਤਾਲ ਵਰਗੀਆਂ ਵੱਡੀਆਂ ਸਿਹਤ ਸੰਸਥਾਵਾਂ ਵੀ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਸਪਤਾਲਾਂ ਵਿੱਚ ਢਾਂਚਾਗਤ ਸੁਧਾਰ ਅਤੇ ਸਾਜੋ-ਸਮਾਨ ਦੀ ਉਪਲਬਧਤਾ ਵਧਾਉਣ ਲਈ ਵੀ ਯਤਨ ਜਾਰੀ ਹਨ।

ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜਾਰ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਨਿਭਾਉਣ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਦੀ ਰਫ਼ਤਾਰ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।ਇਸ ਮੌਕੇ ਐਮ ਸੀ ਰੁਪਾਲੀ ਗਰਗ , ਪਰਦੀਪ ਗਰਗ ਤੋਂ ਇਲਾਵਾ ਇਲਾਕਾ ਵਾਸੀ ਮੌਜੂਦ ਸਨ।

LEAVE A REPLY

Please enter your comment!
Please enter your name here