Thursday, August 13, 2026
Home Patiala Updates ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ...

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਲਿਆ ਜਾਇਜ਼ਾ

0
55

ਪਟਿਆਲਾ: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 14,16,27,29, ਅਰਬਨ ਅਸਟੇਟ ਫੇਜ਼ -1 , ਪਿੰਡ ਹਰਦਾਸਪੁਰ, ਚਲੈਲਾ ਅਤੇ ਦੰਦਰਾਲਾ ਵਿੱਚ ਚੱਲ ਰਹੇ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪਾਂ ਦਾ ਨਿਰੀਖਣ ਕੀਤਾ।

                  ਡਾ. ਬਲਬੀਰ ਸਿੰਘ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਮੌਕੇ ‘ਤੇ ਤਾਇਨਾਤ ਸਟਾਫ਼ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮੇਂ ਸਿਰ ਸਿਹਤ ਕਾਰਡ ਜਾਰੀ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਆਉਣ ‘ਤੇ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ।

         ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇੱਕ ਅਹਿਮ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸਦਾ ਮਕਸਦ ਸੂਬੇ ਦੇ ਹਰ ਵਰਗ ਦੇ ਨਾਗਰਿਕ ਨੂੰ ਮੁਫ਼ਤ ਅਤੇ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸ ਯੋਜਨਾ ਤਹਿਤ ਸਿਹਤ ਕਾਰਡ ਰਾਹੀਂ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਦੇ ਹਨ।

           ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲੋਕਾਂ ਵੱਲੋਂ ਇਸ ਯੋਜਨਾ ਨੂੰ ਭਰਵਾਂ ਹੁੰਘਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਸਿਹਤ ਕਾਰਡ ਬਣਵਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਪ੍ਰਸ਼ਾਸਨ ਲਈ ਖੁਸ਼ੀ ਦੀ ਗੱਲ ਹੈ ਕਿ ਆਮ ਲੋਕ ਸਰਕਾਰੀ ਯੋਜਨਾਵਾਂ ‘ਤੇ ਭਰੋਸਾ ਜਤਾ ਰਹੇ ਹਨ ਅਤੇ ਉਨ੍ਹਾਂ ਦਾ ਲਾਭ ਲੈ ਰਹੇ ਹਨ।

              ਦੌਰੇ ਦੌਰਾਨ ਸਿਹਤ ਮੰਤਰੀ ਨੇ ਮੌਕੇ ‘ਤੇ ਮੌਜੂਦ ਲੋਕਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਫੀਡਬੈਕ ਲਿਆ। ਕਈ ਨਾਗਰਿਕਾਂ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਸੁਗਮ ਦੱਸਦਿਆਂ ਸਰਕਾਰ ਦਾ ਧੰਨਵਾਦ ਕੀਤਾ। ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਾਰੇ ਕੈਂਪਾਂ ਵਿੱਚ ਸਾਫ਼-ਸੁਥਰਾ ਮਾਹੌਲ, ਬੈਠਣ ਦੀ ਸਹੂਲਤ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

            ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਨ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਇਸ ਦਿਸ਼ਾ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗੀ।

                ਇਸ ਮੌਕੇ ਉਹਨਾਂ ਦੇ ਨਾਲ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ , ਸੁਰੇਸ਼ ਰਾਏ, ਪਿੰਡਾਂ ਦੇ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

 

LEAVE A REPLY

Please enter your comment!
Please enter your name here