ਸਿਹਤ ਮੰਤਰੀ ਨੇ ਮੌਕੇ ’ਤੇ ਹੀ ਕਈ ਸਮੱਸਿਆਵਾਂ ਦਾ ਹੱਲ ਕਰਦੇ ਹੋਏ ਬਾਕੀਆਂ ਲਈ ਸਮਾਂ-ਬੱਧ ਯੋਜਨਾ ਤਿਆਰ ਕਰਨ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਓਹਨਾ ਨੇ ਬਰਸਾਤਾਂ ਤੋਂ ਪਹਿਲਾਂ ਸੜਕਾਂ ਦੀ ਮੁਰੰਮਤ ਅਤੇ ਪੱਕਾ ਕਰਨ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਅਤੇ ਲੁੱਕ ਪਾਉਣ ਲਈ ਵੀ ਨਿਰਧਾਰਤ ਸਮਾਂ ਸੀਮਾ ਤੈਅ ਕੀਤੀ।
ਮੀਟਿੰਗ ਦੌਰਾਨ ਐਲ ਐਂਡ ਟੀ ਨਾਲ ਜੁੜੇ ਪ੍ਰੋਜੈਕਟਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਗਿਆ। ਇਸ ਤੋਂ ਇਲਾਵਾ, ਸ਼ਹਿਰ ਵਿੱਚ ਚੱਲ ਰਹੀਆਂ ਡੇਅਰੀਆਂ ਦੇ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਿਹਤ ਮੰਤਰੀ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਡੇਅਰੀ ਮਾਲਕਾਂ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਲਈ ਤੁਰੰਤ ਨੋਟਿਸ ਜਾਰੀ ਕੀਤੇ ਜਾਣ ਅਤੇ ਇਸ ਪ੍ਰਕਿਰਿਆ ਨੂੰ ਨਿਯਮਾਂ ਅਨੁਸਾਰ ਅਮਲ ਵਿੱਚ ਲਿਆਂਦਾ ਜਾਵੇ।
ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕੰਮ ਵਿੱਚ ਕੁਤਾਹੀ ਜਾਂ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਇਕ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜਿਨ੍ਹਾਂ ਕੰਮਾਂ ਲਈ ਐਨਓਸੀ ਜਾਰੀ ਹੋ ਚੁੱਕੀ ਹੈ, ਉਹਨਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਰੁਕਾਵਟ ਨੂੰ ਤੁਰੰਤ ਦੂਰ ਕੀਤਾ ਜਾਵੇ।
ਸਿਹਤ ਮੰਤਰੀ ਨੇ ਸਫ਼ਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ, ਸੀਵਰੇਜ ਲਾਈਨਾਂ ਦੀ ਸਫਾਈ, ਸਟ੍ਰੀਟ ਲਾਈਟਾਂ ਦੀ ਸੁਧਾਰ ਅਤੇ ਪਾਰਕਾਂ ਦੀ ਸੰਭਾਲ ਲਈ ਵੀ ਵਿਸਥਾਰਪੂਰਵਕ ਯੋਜਨਾ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਿਹਾ ਕਿ ਹਰ ਵਾਰਡ ਅਨੁਸਾਰ ਕੰਮਾਂ ਦੀ ਲਿਸਟ ਤਿਆਰ ਕੀਤੀ ਜਾਵੇ ਤਾਂ ਜੋ ਨਿਗਰਾਨੀ ਆਸਾਨ ਬਣੇ ਅਤੇ ਕੰਮ ਵਿੱਚ ਪਾਰਦਰਸ਼ਤਾ ਆ ਸਕੇ। ਓਹਨਾ ਕਿਹਾ ਕਿ ਇਸ ਦੇ ਨਾਲ ਹੀ ਕੰਮ ਦੀ ਪ੍ਰਗਤੀ ਦੀ ਹਰ ਹਫ਼ਤੇ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ।
ਇਸ ਮੌਕੇ ਮੇਅਰ ਕੁੰਦਨ ਗੋਗੀਆ, ਡਿਪੁਟੀ ਮੇਅਰ ਹਰਿੰਦਰ ਕੋਹਲੀ, ਜਸਬੀਰ ਗਾਂਧੀ, ਕਮਿਸ਼ਨਰ ਨਗਰ ਨਿਗਮ ਪਰਮਜੀਤ ਸਿੰਘ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।








