HomeNationalਮੌਨਸੂਨ ਦੀ ਰਫ਼ਤਾਰ ਮੱਠੀ ਪੈਣ ਨਾਲ ਉੱਤਰੀ ਭਾਰਤ ’ਚ ਵਧੀ ਗਰਮੀ, ਕਈ...

ਮੌਨਸੂਨ ਦੀ ਰਫ਼ਤਾਰ ਮੱਠੀ ਪੈਣ ਨਾਲ ਉੱਤਰੀ ਭਾਰਤ ’ਚ ਵਧੀ ਗਰਮੀ, ਕਈ ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

ਨਵੀਂ ਦਿੱਲੀ: ਮੌਨਸੂਨ ਦੀ ਰਫ਼ਤਾਰ ’ਤੇ ਅਸਥਾਈ ਬਰੇਕ ਲੱਗਣ ਕਾਰਨ ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਤਾਪਮਾਨ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਰਾਜਸਥਾਨ, ਦਿੱਲੀ, ਹਰਿਆਣਾ, ਪੰਜਾਬ, ਚੰਡੀਗੜ੍ਹ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਗਰਮੀ ਅਤੇ ਹੁੰਮਸ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਗਲਵਾਰ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ।

ਇੱਕ ਪਾਸੇ ਉੱਤਰੀ ਭਾਰਤ ਵਿੱਚ ਗਰਮੀ ਦਾ ਅਸਰ ਵਧ ਰਿਹਾ ਹੈ, ਉੱਥੇ ਹੀ ਉੱਤਰ-ਪੂਰਬੀ ਸੂਬਿਆਂ ਵਿੱਚ ਭਾਰੀ ਮੀਂਹ, ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਹਾਲਾਤ ਚਿੰਤਾਜਨਕ ਬਣੇ ਹੋਏ ਹਨ। ਪਿਛਲੇ 24 ਘੰਟਿਆਂ ਦੌਰਾਨ ਅਰੁਣਾਚਲ ਪ੍ਰਦੇਸ਼ ਦੇ ਚਾਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਨਾਲ ਕਈ ਘਰਾਂ ਅਤੇ ਹੋਰ ਸੰਪਤੀਆਂ ਨੂੰ ਨੁਕਸਾਨ ਪਹੁੰਚਿਆ ਹੈ।

ਅਰੁਣਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਦੀ ਗਿਣਤੀ ਵਧ ਕੇ 1,02,917 ਹੋ ਗਈ ਹੈ। ਹੜ੍ਹਾਂ ਅਤੇ ਜ਼ਮੀਨ ਖਿਸਕਣ ਨਾਲ ਸਬੰਧਤ ਵੱਖ-ਵੱਖ ਘਟਨਾਵਾਂ ਵਿੱਚ ਹੁਣ ਤੱਕ ਸੱਤ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 29 ਲੋਕ ਜ਼ਖ਼ਮੀ ਹੋਏ ਹਨ। ਪ੍ਰਭਾਵਿਤ ਇਲਾਕਿਆਂ ਵਿੱਚ ਪ੍ਰਸ਼ਾਸਨ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।

ਇਸ ਦੌਰਾਨ ਅਸਾਮ ਵਿੱਚ ਵੀ ਹੜ੍ਹਾਂ ਦਾ ਪਾਣੀ ਛੇ ਜ਼ਿਲ੍ਹਿਆਂ ਤੱਕ ਫੈਲ ਗਿਆ ਹੈ। ਹੜ੍ਹਾਂ ਕਾਰਨ 12 ਮਾਲੀਆ ਸਰਕਲਾਂ ਦੇ 99 ਪਿੰਡ ਪ੍ਰਭਾਵਿਤ ਹੋਏ ਹਨ ਅਤੇ ਕੁੱਲ 37,032 ਲੋਕਾਂ ’ਤੇ ਇਸ ਦਾ ਅਸਰ ਪਿਆ ਹੈ। ਲਖੀਮਪੁਰ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਾ ਦੱਸਿਆ ਜਾ ਰਿਹਾ ਹੈ, ਜਿੱਥੇ ਇਕੱਲੇ 35,696 ਲੋਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਹਨ।

ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 16 ਜੁਲਾਈ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਤਾਮਿਲਨਾਡੂ, ਪੁਡੂਚੇਰੀ ਅਤੇ ਰਾਇਲਸੀਮਾ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਬਣਿਆ ਰਹਿ ਸਕਦਾ ਹੈ। ਗਰਮੀ ਦੇ ਨਾਲ ਵਧੀ ਹੋਈ ਹੁੰਮਸ ਕਾਰਨ ਲੋਕਾਂ ਨੂੰ ਬੇਚੈਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਦੂਜੇ ਪਾਸੇ ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਭਾਰੀ ਮੀਂਹ ਅਤੇ ਤੇਜ਼ ਝੱਖੜਾਂ ਦੀ ਸੰਭਾਵਨਾ ਨੂੰ ਦੇਖਦਿਆਂ ‘ਔਰੇਂਜ ਅਲਰਟ’ ਜਾਰੀ ਕੀਤਾ ਗਿਆ ਹੈ। ਕਰਨਾਟਕ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਰਾਇਲਸੀਮਾ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ ਦਿੱਤੀ ਗਈ ਹੈ। ਬਿਹਾਰ, ਝਾਰਖੰਡ, ਸਿੱਕਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਅਸਾਮ, ਮਿਜ਼ੋਰਮ, ਤ੍ਰਿਪੁਰਾ ਅਤੇ ਮਨੀਪੁਰ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।

 

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img

Most Popular

Recent Comments