ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਤੱਕ ਮਾਨਸੂਨ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੇ ਅਨੁਸਾਰ 5 ਅਗਸਤ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਦਰਮਿਆਨੀ ਤੋਂ ਭਾਰੀ ਮੀਂਹ ਪੈ ਸਕਦਾ ਹੈ। ਵਿਭਾਗ ਨੇ ਲੋਕਾਂ ਨੂੰ ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ 6 ਅਗਸਤ ਤੋਂ ਮੀਂਹ ਦੀ ਗਤੀਵਿਧੀ ਵਿੱਚ ਕਮੀ ਆ ਸਕਦੀ ਹੈ ਅਤੇ ਉਸ ਤੋਂ ਬਾਅਦ ਸਿਰਫ਼ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 33.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ 1 ਡਿਗਰੀ ਵੱਧ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 26.0 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 1 ਡਿਗਰੀ ਘੱਟ ਸੀ। ਸ਼ਹਿਰ ਵਿੱਚ ਵੱਧ ਤੋਂ ਵੱਧ ਨਮੀ 79 ਫ਼ੀਸਦੀ ਅਤੇ ਘੱਟੋ-ਘੱਟ 57 ਫ਼ੀਸਦੀ ਦਰਜ ਕੀਤੀ ਗਈ।
ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 23 ਤੋਂ 24 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ।






