Tuesday, August 11, 2026
Home Punjab Mansa ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜ਼ਿਲ੍ਹਾ ਮਾਨਸਾ ਵਿੱਚ 25 ਜੂਨ...

ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜ਼ਿਲ੍ਹਾ ਮਾਨਸਾ ਵਿੱਚ 25 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਗਣਨਾ ਪ੍ਰਕਿਰਿਆ: ਡਿਪਟੀ ਕਮਿਸ਼ਨਰ ਨਵਜੋਤ ਕੌਰ

0
22
ਜ਼ਿਲ੍ਹੇ ਦੇ 645 ਬੀ.ਐੱਲ.ਓਜ਼ ਘਰ-ਘਰ ਜਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਵਾਉਣਗੇ
ਐਸ.ਆਈ.ਆਰ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ
3 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਅਤੇ 1 ਅਕਤੂਬਰ ਨੂੰ ਹੋਵੇਗੀ ਅੰਤਿਮ ਪ੍ਰਕਾਸ਼ਨਾ
ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ‘ਤੇ ਕੀਤਾ ਜਾ ਸਕਦਾ ਹੈ ਸੰਪਰਕ
ਮਾਨਸਾ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਮਾਨਸਾ ਵਿੱਚ 25 ਜੂਨ ਤੋਂ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 25 ਜੂਨ ਤੋਂ 24 ਜੁਲਾਈ ਤੱਕ ਜ਼ਿਲ੍ਹੇ ਦੇ 645 ਬੀ.ਐੱਲ.ਓਜ਼ (ਬੂਥ ਲੈਵਲ ਅਫ਼ਸਰ) ਘਰ-ਘਰ ਜਾ ਕੇ ਵੋਟਰਾਂ ਨੂੰ ਗਣਨਾ ਫਾਰਮ ਦੇਣਗੇ ਅਤੇ ਉਨ੍ਹਾਂ ਨੂੰ ਭਰਵਾਉਣਗੇ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜਿੰਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 03 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੋਟਰ ਇਸ ਇੱਕ ਮਹੀਨਾ ਚੱਲਣ ਵਾਲੀ ਪ੍ਰਕਿਰਿਆ ਦੌਰਾਨ ਕਿਸੇ ਕਾਰਨ ਫਾਰਮ ਭਰਨ ਤੋਂ ਵਾਂਝਾ ਰਹਿ ਜਾਂਦਾ ਹੈ, ਤਾਂ ਵੀ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਪ੍ਰਕਿਰਿਆ ਇਸ ਤੋਂ ਬਾਅਦ ਵੀ ਜਾਰੀ ਰਹੇਗੀ ਜਿਸ ਤਹਿਤ 03 ਅਗਸਤ ਤੋਂ 02 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ, ਜਿਸ ਦੌਰਾਨ ਵੋਟਰ ਫਾਰਮ ਨੰਬਰ 06 ਭਰ ਕੇ ਅਤੇ ਚੋਣ ਕਮਿਸ਼ਨ ਵੱਲੋਂ ਨਿਰਧਾਰਤ 12 ਸਬੂਤਾਂ ਵਿੱਚੋ ਕੋਈ ਵੀ ਸਬੂਤ ਜਮ੍ਹਾਂ ਕਰਵਾ ਕੇ ਆਪਣੀ ਵੋਟ ਬਣਵਾ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਸਾਰੀ ਪ੍ਰਕਿਰਿਆ ਤੋਂ ਬਾਅਦ 01 ਅਕਤੂਬਰ ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਦੇ ਬੀ.ਐੱਲ.ਓਜ਼ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਉਨ੍ਹਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖ ਕੇ ਵੋਟ ਬਣਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜਨੀਤਿਕ ਪਾਰਟੀਆਂ ਵੱਲੋਂ ਵੀ 2516 ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦ੍ਰਿੜ੍ਹਤਾ ਪ੍ਰਗਟਾਉਂਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਸਖ਼ਤ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ।
ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁੰਮਰਾਹਕੁੰਨ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫਰੀ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਜੇਕਰ ਕਿਸੇ ਨੂੰ ਇਸ ਪ੍ਰਕਿਰਿਆ ਦੌਰਾਨ ਕੋਈ ਸ਼ਿਕਾਇਤ ਹੈ, ਤਾਂ ਉਹ ਸਿੱਧੇ ਤੌਰ ‘ਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਪੂਨਮ ਸਿੰਘ ਅਤੇ ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here