Saturday, July 11, 2026
Home Patiala Updates ਪਾਤੜਾਂ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ

ਪਾਤੜਾਂ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ਼ੰਟੀ ਵੱਲੋਂ ਖੁੱਲ੍ਹਾ ਸੁਣਵਾਈ ਕੈਂਪ

0
4

*ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਉਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਮਨੁੱਖੀ ਅਧਿਕਾਰ ਕਮਿਸ਼ਨ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ*
*ਕਿਹਾ , ਹਸਪਤਾਲ ਹੁਣ ਬਿੱਲ ਨਾ ਭਰਨ ‘ਤੇ ਮਰੀਜ਼ ਜਾਂ ਮ੍ਰਿਤਕ ਦੇਹ ਨੂੰ ਨਹੀਂ ਰੋਕ ਸਕਣਗੇ*
*ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਸ਼ਿਕਾਇਤ ਲਈ ਕਮਿਸ਼ਨ ਨੇ ਜਾਰੀ ਕੀਤਾ ਵਟਸਐਪ ਨੰਬਰ 9855475547*

ਪਟਿਆਲਾ: ਪੰਜਾਬ ਰਾਜ ਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਪਾਤੜਾਂ ਦੇ ਕਿਰਤੀ ਕਾਲਜ ਵਿਖੇ ਮਨੁੱਖੀ ਅਧਿਕਾਰ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਵਾਰਨ ਲਈ ਖੁੱਲ੍ਹੀ ਸੁਣਵਾਈ ਕੈਂਪ ਲਗਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ, ਜਾਗਰੂਕਤਾ ਅਤੇ ਪੀੜਤਾਂ ਨੂੰ ਸਮੇਂ ਸਿਰ ਨਿਆਂ ਦਿਵਾਉਣਾ ਹੈ। ਇਸੇ ਮੰਤਵ ਨਾਲ ਕਮਿਸ਼ਨ ਦੀ ਪਹੁੰਚ ਰਾਜ ਦੇ ਹਰ ਘਰ ਤੱਕ ਬਣਾਈ ਜਾ ਰਹੀ ਹੈ।

ਪਦਮਸ਼੍ਰੀ ਸ਼ੰਟੀ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਕਮਿਸ਼ਨ ਦਾ ਵਟਸਐਪ ਨੰਬਰ 9855475547 ਜਾਰੀ ਕਰਦਿਆਂ ਕਿਹਾ ਕਿ ਕੋਈ ਵੀ ਵਿਅਕਤੀ ਲਿਖਤੀ ਸ਼ਿਕਾਇਤ ਇਸ ਨੰਬਰ ‘ਤੇ ਭੇਜ ਸਕਦਾ ਹੈ, ਜਿਸ ‘ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰਕੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ।

ਪਦਮਸ਼੍ਰੀ ਸ਼ੰਟੀ ਨੇ ਦੱਸਿਆ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਨੇ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪਾਂ ਦਾ ਗਠਨ ਕੀਤਾ ਹੈ, ਜਿਨ੍ਹਾਂ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਲ ਕੀਤਾ ਗਿਆ ਹੈ ਤਾਂ ਜੋ ਪੀੜਤਾਂ ਦੀ ਮਦਦ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਮਨੁੱਖੀ ਅਧਿਕਾਰ ਕਮਿਸ਼ਨ ਬਣ ਗਿਆ ਹੈ ਜਿਸ ਨੇ ਹਰ ਜ਼ਿਲ੍ਹੇ ਵਿੱਚ ਕੋਰ ਗਰੁੱਪ ਸਥਾਪਿਤ ਕੀਤੇ ਹਨ।

ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਮਿਸ਼ਨ ਵੱਲੋਂ ਕਈ ਮਹੱਤਵਪੂਰਨ ਸਲਾਹਕਾਰੀਆਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਹੁਣ ਕੋਈ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਬਿੱਲ ਦਾ ਭੁਗਤਾਨ ਨਾ ਹੋਣ ਦੀ ਸੂਰਤ ਵਿੱਚ ਮਰੀਜ਼ ਜਾਂ ਮ੍ਰਿਤਕ ਦੇਹ ਨੂੰ ਰੋਕ ਨਹੀਂ ਸਕੇਗਾ। ਹਰ ਹਸਪਤਾਲ ਵਿੱਚ ਢੁਕਵੀਂ ਮੁਰਦਾਘਰ ਸਹੂਲਤ ਅਤੇ ਐਂਬੂਲੈਂਸ ਸੇਵਾ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

ਇਸ ਤੋਂ ਇਲਾਵਾ ਲਾਵਾਰਿਸ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਵਿਅਕਤੀਆਂ ਦੇ ਸਸਕਾਰ ਜਾਂ ਦਫ਼ਨਾਉਣ ਲਈ ਸਹਾਇਤਾ ਯਕੀਨੀ ਬਣਾਉਣ, ਪਿੰਡਾਂ ਵਿੱਚ ਮੋਰਚਰੀ ਬਾਕਸ ਉਪਲਬਧ ਕਰਵਾਉਣ, ਸਫਾਈ ਕਰਮਚਾਰੀਆਂ ਨੂੰ ਸੁਰੱਖਿਆ ਉਪਕਰਨ, ਜੁੱਤੇ, ਦਸਤਾਨੇ, ਸੈਨੇਟਾਈਜ਼ਰ ਅਤੇ ਬੀਮਾ ਸੁਰੱਖਿਆ ਮੁਹੱਈਆ ਕਰਵਾਉਣ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਹਾਲਾਤਾਂ ਵਿੱਚ 112 ‘ਤੇ ਸੂਚਨਾ ਮਿਲਣ ਉਪਰੰਤ ਗੰਭੀਰ ਮਰੀਜ਼ਾਂ ਦੀਆਂ ਐਂਬੂਲੈਂਸਾਂ ਨੂੰ ਹਸਪਤਾਲ ਤੱਕ ਤੁਰੰਤ ਪਹੁੰਚਾਉਣ ਲਈ ਪੁਲਿਸ ਪਾਇਲਟ ਸਹੂਲਤ ਦੇਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਮਨਜੀਤ ਸਿੰਘ ਮਾਨ, ਐਸ.ਡੀ.ਐਮ. ਕਾਲਾ ਰਾਮ ਕਾਂਸਲ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ ਪੀ ਜਸਬੀਰ ਸਿੰਘ, ਡੀ ਐੱਸ ਪੀ ਗੁਰਦੀਪ ਸਿੰਘ, ਤਹਿਸੀਲਦਾਰ, ਪੁਲਿਸ ਵਿਭਾਗ, ਸਮਾਜਿਕ ਸੁਰੱਖਿਆ, ਫੂਡ ਸਪਲਾਈ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਐਨ.ਜੀ.ਓਜ਼ ਦੇ ਨੁਮਾਇੰਦੇ ਵੀ ਮੌਜੂਦ ਸਨ।

LEAVE A REPLY

Please enter your comment!
Please enter your name here