ਗਰੀਬਾਂ, ਲੋੜਵੰਦਾਂ ਅਤੇ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਤੱਕ ਸਮੇਂ ਸਿਰ ਸਿਹਤ ਸਹੂਲਤਾਂ ਪਹੁੰਚਾਉਣਾ ਮਨੁੱਖਤਾ ਦੀ ਸੱਚੀ ਸੇਵਾ ਹੈ। ਲੋੜ ਪੈਣ ’ਤੇ ਕਿਸੇ ਬਿਮਾਰ ਜਾਂ ਪੀੜਤ ਵਿਅਕਤੀ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣਾ ਸਮਾਜ ਪ੍ਰਤੀ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਹ ਗੱਲ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਰੈੱਡਕ੍ਰਾਸ ਸੁਸਾਇਟੀ ਦੇ ਪ੍ਰਧਾਨ ਡਾ. ਜਯੇਂਦਰ ਸਿੰਘ ਛਿੱਲਰ ਨੇ ਰੈੱਡਕ੍ਰਾਸ ਦੀ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦਿਆਂ ਕਹੀ। ਇਸ ਮੌਕੇ ਨਾਰੀਅਲ ਤੋੜ ਕੇ ਐਂਬੂਲੈਂਸ ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਡਾ. ਜਯੇਂਦਰ ਸਿੰਘ ਛਿੱਲਰ ਨੇ ਕਿਹਾ ਕਿ ਭਾਰਤੀ ਰੈੱਡਕ੍ਰਾਸ ਸੁਸਾਇਟੀ ਲੰਬੇ ਸਮੇਂ ਤੋਂ ਲੋੜਵੰਦ ਲੋਕਾਂ ਦੀ ਸਹਾਇਤਾ ਅਤੇ ਮਨੁੱਖਤਾ ਦੀ ਸੇਵਾ ਦੇ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਐਂਬੂਲੈਂਸ ਦੇ ਸੰਚਾਲਨ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਸੁਖਾਲਾ ਅਤੇ ਪਹੁੰਚਯੋਗ ਬਣਾਉਣ ਵਿੱਚ ਮਦਦ ਮਿਲੇਗੀ। ਖ਼ਾਸ ਤੌਰ ’ਤੇ ਗਰੀਬ ਪਰਿਵਾਰਾਂ, ਦਿਹਾੜੀਦਾਰ ਮਜ਼ਦੂਰਾਂ ਅਤੇ ਕਿਰਤੀ ਵਰਗ ਦੇ ਲੋਕਾਂ ਨੂੰ ਦਿਨ ਦੇ ਸਮੇਂ ਸਿਹਤ ਸਬੰਧੀ ਲੋੜਾਂ ਲਈ ਇਸ ਸਹੂਲਤ ਦਾ ਲਾਭ ਮਿਲ ਸਕੇਗਾ।
ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਦਾ ਲਾਭ ਸਮਾਜ ਦੇ ਹਰ ਵਿਅਕਤੀ ਤੱਕ ਪਹੁੰਚਣਾ ਚਾਹੀਦਾ ਹੈ। ਆਰਥਿਕ ਤੰਗੀ ਜਾਂ ਕਿਸੇ ਹੋਰ ਮੁਸ਼ਕਲ ਕਾਰਨ ਕੋਈ ਵੀ ਲੋੜਵੰਦ ਵਿਅਕਤੀ ਸਮੇਂ ਸਿਰ ਡਾਕਟਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਰੈੱਡਕ੍ਰਾਸ ਦਾ ਉਦੇਸ਼ ਵੀ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਮਨੁੱਖੀ ਸੰਵੇਦਨਾਵਾਂ ਨਾਲ ਸਮਾਜ ਦੀ ਸੇਵਾ ਕਰਨਾ ਹੈ। ਉਨ੍ਹਾਂ ਰੈੱਡਕ੍ਰਾਸ ਨਾਲ ਜੁੜੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਮਨੁੱਖਤਾ ਦੀ ਸੇਵਾ ਦੇ ਕਾਰਜ ਲਗਾਤਾਰ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਐਂਬੂਲੈਂਸ ਦੀ ਸ਼ੁਰੂਆਤ ਨਾਲ ਲੋੜਵੰਦਾਂ ਨੂੰ ਸਿਹਤ ਸਹਾਇਤਾ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਸਹੂਲਤ ਜੁੜ ਗਈ ਹੈ।



