ਮਾਲੇਰਕੋਟਲਾ: ਉਤਰਾਖੰਡ ਸਰਕਾਰ ਵੱਲੋਂ ਪ੍ਰਸਿੱਧ ਚਾਰਧਾਮ ਯਾਤਰਾ 2026 ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਆਯੋਜਨ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਉਤਰਾਖੰਡ ਦੇ ਮੁੱਖ ਸਕੱਤਰ ਵੱਲੋਂ ਜਾਰੀ ਕੀਤੇ ਗਏ ਅਧਿਕਾਰਿਕ ਡੀ.ਓ. ਪੱਤਰ ਰਾਹੀਂ ਸਾਰੀਆਂ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਯਾਤਰਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਹਦਾਇਤਾਂ ਭੇਜੀਆਂ ਗਈਆਂ ਹਨ।
ਸਹਾਇਕ ਕਮਿਸ਼ਨਰ (ਜਨਰਲ) ਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਰਧਾਮ ਯਾਤਰਾ, ਜਿਸ ਵਿੱਚ ਯਮੁਨੋਤਰੀ, ਗੰਗੋਤਰੀ, ਕੇਦਾਰਨਾਥ ਅਤੇ ਬਦਰੀਨਾਥ ਦੇ ਪਵਿੱਤਰ ਧਾਮ ਸ਼ਾਮਲ ਹਨ, ਇਸ ਸਾਲ 19 ਅਪ੍ਰੈਲ 2026 ਤੋਂ ਸ਼ੁਰੂ ਹੋ ਚੁੱਕੀ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਇਸ ਪਵਿੱਤਰ ਯਾਤਰਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਸੁਵਿਧਾ ਅਤੇ ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਣ ਲਈ ਉਤਰਾਖੰਡ ਸਰਕਾਰ ਵੱਲੋਂ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਆਨਲਾਈਨ ਰਜਿਸਟ੍ਰੇਸ਼ਨ ਨੂੰ ਲਾਜ਼ਮੀ ਕੀਤਾ ਗਿਆ ਹੈ, ਤਾਂ ਜੋ ਭੀੜ ਪ੍ਰਬੰਧਨ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ ਅਤੇ ਹਰ ਸ਼ਰਧਾਲੂ ਦੀ ਸੁਰੱਖਿਆ ਯਕੀਨੀ ਹੋ ਸਕੇ।
ਸਹਾਇਕ ਕਮਿਸ਼ਨਰ ਨੇ ਅਪੀਲ ਕੀਤੀ ਕਿ ਸਾਰੇ ਸ਼ਰਧਾਲੂ ਯਾਤਰਾ ‘ਤੇ ਜਾਣ ਤੋਂ ਪਹਿਲਾਂ ਆਪਣੀ ਸਿਹਤ ਜਾਂਚ ਕਰਵਾਉਣ, ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਣ ਅਤੇ ਸਾਰੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸਫਾਈ, ਸੁਰੱਖਿਆ ਨਿਯਮਾਂ ਦੀ ਪਾਲਣਾ, ਨਿਰਧਾਰਤ ਰੂਟਾਂ ਦੀ ਵਰਤੋਂ, ਅਤੇ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਹਰ ਸ਼ਰਧਾਲੂ ਲਈ ਲਾਜ਼ਮੀ ਹੈ।ਉਨ੍ਹਾਂ ਨੇ ਇਹ ਵੀ ਕਿਹਾ ਕਿ ਐਮਰਜੈਂਸੀ ਸਥਿਤੀ ਵਿੱਚ ਸ਼ਰਧਾਲੂ ਹੈਲਪਲਾਈਨ ਨੰਬਰ 0135-2559898, 2552627 ਜਾਂ ਟੋਲ ਫਰੀ ਨੰਬਰ 1364 ‘ਤੇ ਸੰਪਰਕ ਕਰ ਸਕਦੇ ਹਨ ।









