Home Punjab ਮਜੀਠਾ ਵਿੱਚ 23 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ, ਮੁੱਖ ਮੰਤਰੀ...

ਮਜੀਠਾ ਵਿੱਚ 23 ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ, ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਕਾਲੀ ਆਗੂਆਂ ’ਤੇ ਤਿੱਖਾ ਹਮਲਾ

0
57

ਮਜੀਠਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਜੀਠਾ ਵਿਧਾਨ ਸਭਾ ਹਲਕੇ ਵਿੱਚ 23 ਨਵੀਆਂ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ’ਤੇ ਕੁੱਲ 11 ਕਰੋੜ 32 ਲੱਖ 68 ਹਜ਼ਾਰ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ਵਿੱਚ ਲਗਭਗ 43 ਹਜ਼ਾਰ ਕਿਲੋਮੀਟਰ ਸੜਕਾਂ ਦੀ ਕਾਇਆਕਲਪ ਕਰਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੜਕਾਂ ਬਣਾਉਣਾ ਕੋਈ ਅਹਿਸਾਨ ਨਹੀਂ, ਸਗੋਂ ਸਰਕਾਰ ਦਾ ਫਰਜ਼ ਹੈ ਕਿਉਂਕਿ ਇਹ ਵਿਕਾਸ ਲੋਕਾਂ ਦੇ ਟੈਕਸ ਦੇ ਪੈਸੇ ਨਾਲ ਹੀ ਹੋ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਲਦੀ ਹੀ ਮਜੀਠਾ ਦੇ ਨੇੜਲੇ ਪਿੰਡ ਬਿੱਕਰੌਰ ਵਿੱਚ ਇੱਕ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਬੇਵਜ੍ਹਾ ਸਿਆਸੀ ਲੜਾਈਆਂ ਵਿੱਚ ਨਾ ਘਸੀਟਿਆ ਜਾਵੇ, ਸਗੋਂ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਵਰਗੇ ਅਸਲੀ ਮੁੱਦਿਆਂ ’ਤੇ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਸਾਨਾਂ ’ਤੇ ਲਗਾਏ ਜਾ ਰਹੇ ਬੇਬੁਨਿਆਦ ਦੋਸ਼ਾਂ ਤੋਂ ਵੀ ਬਚਣ ਦੀ ਅਪੀਲ ਕੀਤੀ।

ਮਜੀਠਾ ਦੌਰੇ ਦੌਰਾਨ ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਇਹੀ ਲੋਕ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਇਹ ਉਹੀ ਪਰਿਵਾਰ ਹੈ ਜਿਸ ਨੇ ਜਲ੍ਹਿਆਂਵਾਲਾ ਬਾਗ ਸਾਕੇ ਤੋਂ ਬਾਅਦ ਅੰਗਰੇਜ਼ਾਂ ਨੂੰ ਰੋਟੀਆਂ ਖਵਾਈਆਂ ਅਤੇ ਅੱਜ ਵੀ ਪੰਜਾਬ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ।

328 ਪਾਵਨ ਸਰੂਪਾਂ ਦੇ ਮਾਮਲੇ ’ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੱਭਣ ਲਈ ਮਜਬੂਰੀ ਵਸ਼ ਸਿੱਟ (SIT) ਬਣਾਉਣੀ ਪਈ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੱਥਾ ਲਾਉਣ ਬਾਰੇ ਲਗਾਏ ਜਾ ਰਹੇ ਆਰੋਪ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਾਣ-ਮਰਿਆਦਾ ਕਾਇਮ ਰੱਖਣ ਦੀ ਜ਼ਿੰਮੇਵਾਰੀ ਐਸ.ਜੀ.ਪੀ.ਸੀ. ਦੀ ਹੈ, ਪਰ ਸ਼੍ਰੋਮਣੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਕੰਮਾਂ ਵਿੱਚ ਹੀ ਵਿਅਸਤ ਰਹਿੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਆਪਣੇ ਆਪ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਕਹਿੰਦਾ, ਪਰ ਦੁੱਖ ਦੀ ਗੱਲ ਹੈ ਕਿ ਉਹ ਆਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਦਾ ਸਿਪਾਹੀ ਦੱਸਦਾ ਹੈ।

LEAVE A REPLY

Please enter your comment!
Please enter your name here