ਜੰਡਿਆਲਾ: ਪੰਜਾਬ ਵਿੱਚ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜੰਡਿਆਲਾ ਪੁਲਿਸ ਨੇ ਤਿੰਨ ਵੱਖ-ਵੱਖ ਕਾਰਵਾਈਆਂ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਕੋਲੋਂ ਕੁੱਲ 1.5 ਕਿਲੋ ਹੈਰੋਇਨ, 2 ਪਿਸਤੌਲ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਡੀਐੱਸਪੀ ਬਲਜੀਤ ਸਿੰਘ ਹੁੰਦਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਐੱਸਐੱਸਪੀ ਕਵਲਪ੍ਰੀਤ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ।
ਪਹਿਲੀ ਕਾਰਵਾਈ ਏਐੱਸਆਈ ਤਰਸੇਮ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵੱਲੋਂ ਗਹਿਰੀ ਮੰਡੀ ਵਿਖੇ ਕੀਤੀ ਗਈ। ਪੁਲਿਸ ਮੁਤਾਬਕ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ, ਜਿਸ ਕੋਲੋਂ 1 ਕਿਲੋ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਉਰਫ਼ ਬਿੱਲਾ ਵਾਸੀ ਗਹਿਰੀ ਮੰਡੀ ਵਜੋਂ ਦੱਸੀ ਹੈ। ਇਸ ਸਬੰਧੀ ਥਾਣਾ ਜੰਡਿਆਲਾ ਵਿਖੇ ਮੁਕੱਦਮਾ ਨੰਬਰ 310 ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੀ ਕਾਰਵਾਈ ਵਡਾਲਾ ਪੁਲਿਸ ਚੌਕੀ ਦੇ ਏਐੱਸਆਈ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਨੇ ਦਲਜੀਤ ਸਿੰਘ ਉਰਫ਼ ਦੀਪੂ ਵਾਸੀ ਮੁਹੱਲਾ ਸ਼ੇਖੂਪੁਰਾ, ਜੰਡਿਆਲਾ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਅਨੁਸਾਰ ਉਸ ਕੋਲੋਂ ਇੱਕ ਨਾਜਾਇਜ਼ ਪਿਸਤੌਲ ਅਤੇ 3 ਜ਼ਿੰਦਾ ਕਾਰਤੂਸ ਬਰਾਮਦ ਹੋਏ। ਇਸ ਤੋਂ ਬਾਅਦ ਘਰ ਦੀ ਤਲਾਸ਼ੀ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਹੋਣ ਦੀ ਗੱਲ ਕਹੀ ਗਈ ਹੈ। ਇਸ ਮਾਮਲੇ ਵਿੱਚ ਥਾਣਾ ਜੰਡਿਆਲਾ ਵਿਖੇ ਮੁਕੱਦਮਾ ਨੰਬਰ 308 ਦਰਜ ਕੀਤਾ ਗਿਆ ਹੈ।
ਤੀਜੀ ਕਾਰਵਾਈ ਟਾਊਨ ਜੰਡਿਆਲਾ ਪੁਲਿਸ ਚੌਕੀ ਦੇ ਏਐੱਸਆਈ ਗੋਪਾਲ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਪੁਲਿਸ ਮੁਤਾਬਕ ਵਿਸ਼ੇਸ਼ ਨਾਕਾਬੰਦੀ ਦੌਰਾਨ ਫ਼ਤਿਹ ਸਿੰਘ ਉਰਫ਼ ਫ਼ਤੇਹ ਵਾਸੀ ਪੱਤੀ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਦੌਰਾਨ ਉਸ ਕੋਲੋਂ .30 ਬੋਰ ਦਾ ਮੈਗਜ਼ੀਨ ਵਾਲਾ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਹੋਣ ਦਾ ਪੁਲਿਸ ਨੇ ਦਾਅਵਾ ਕੀਤਾ ਹੈ।
ਡੀਐੱਸਪੀ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲੈਣ ਦੀ ਕਾਰਵਾਈ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਬਰਾਮਦ ਨਸ਼ੇ ਅਤੇ ਹਥਿਆਰਾਂ ਦੇ ਸਰੋਤ ਅਤੇ ਇਨ੍ਹਾਂ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜਾਂਚ ਅੱਗੇ ਵਧਣ ’ਤੇ ਇਸ ਮਾਮਲੇ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।






