ਕੈਨੇਡਾ: ਕੈਨੇਡਾ ਦੇ ਅਲਬਰਟਾ ਸੂਬੇ ਦੇ ਐਡਮਿੰਟਨ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜ਼ਖ਼ਮੀ ਕਰਨ ਦੀ ਘਟਨਾ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋਸ਼ੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੱਲ ਵੀ ਵਧਿਆ ਸੀ, ਪਰ ਮੌਕੇ ’ਤੇ ਮੌਜੂਦ ਸੰਗਤ ਅਤੇ ਸੇਵਾਦਾਰਾਂ ਨੇ ਉਸ ਨੂੰ ਰੋਕ ਲਿਆ। ਇਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਘਟਨਾ ਵਿੱਚ ਜ਼ਖ਼ਮੀ ਹੋਏ ਦੋ ਸੇਵਾਦਾਰਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਐਡਮਿੰਟਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕੈਨੇਡਾ ਦੀਆਂ ਸਿੱਖ ਸੰਸਥਾਵਾਂ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਯਕੀਨੀ ਬਣਾਉਣ ਦੀ ਅਪੀਲ ਕੀਤੀ, ਤਾਂ ਜੋ ਇਹ ਪਤਾ ਲੱਗ ਸਕੇ ਕਿ ਕਿਤੇ ਕਿਸੇ ਸਿੱਖ ਵਿਰੋਧੀ ਸਮੂਹ ਜਾਂ ਸੰਸਥਾ ਵੱਲੋਂ ਦੋਸ਼ੀ ਨੂੰ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਉਣ ਲਈ ਭੜਕਾਇਆ ਤਾਂ ਨਹੀਂ ਗਿਆ।
ਜਥੇਦਾਰ ਨੇ ਕਿਹਾ ਕਿ ਹਾਲ ਹੀ ਵਿੱਚ ਕੈਲਗਰੀ ਦੇ ਕੁਝ ਗੁਰਦੁਆਰਾ ਸਾਹਿਬਾਨ ਨੂੰ ਵੀ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕੈਲਗਰੀ ਪੁਲਿਸ ਨੂੰ ਇਨ੍ਹਾਂ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਕੇ ਸੱਚ ਸਾਹਮਣੇ ਲਿਆਉਣ ਦੀ ਅਪੀਲ ਕੀਤੀ।
ਉਨ੍ਹਾਂ ਕੈਨੇਡਾ ਦੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਨੂੰ ਆਪਣੇ ਸੁਰੱਖਿਆ ਪ੍ਰਬੰਧਾਂ ਦੀ ਮੁੜ ਸਮੀਖਿਆ ਕਰਨ ਅਤੇ 24 ਘੰਟੇ ਪਹਿਰੇਦਾਰੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੇ ਦਰਵਾਜ਼ੇ ਹਰ ਮਨੁੱਖ ਲਈ ਖੁੱਲ੍ਹੇ ਹਨ, ਪਰ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸੰਗਤ ਅਤੇ ਗੁਰੂ ਘਰ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕਰਨਾ ਪ੍ਰਬੰਧਕਾਂ ਦੀ ਅਹਿਮ ਜ਼ਿੰਮੇਵਾਰੀ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੈਨੇਡਾ ਵਿੱਚ ਸਿੱਖਾਂ ਖ਼ਿਲਾਫ਼ ਜ਼ਮੀਨੀ ਪੱਧਰ ਅਤੇ ਸੋਸ਼ਲ ਮੀਡੀਆ ’ਤੇ ਨਫ਼ਰਤ ਤੇ ਵਿਤਕਰੇ ਵਿੱਚ ਵਾਧੇ ਦੀਆਂ ਰਿਪੋਰਟਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਸਿੱਖ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪਸੀ ਵਿਵਾਦ ਛੱਡ ਕੇ ਇਕਜੁੱਟ ਹੋਣ ਅਤੇ ਸਿੱਖ ਸਿਧਾਂਤਾਂ ਦੀ ਰੌਸ਼ਨੀ ਵਿੱਚ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਅਪੀਲ ਕੀਤੀ।






