ਰਾਂਚੀ: ਝਾਰਖੰਡ ਸਰਕਾਰ ਨੇ ਵਿਦਿਆਰਥੀਆਂ ਦੇ 24 ਦਿਨਾਂ ਤੋਂ ਚੱਲ ਰਹੇ ਵਿਰੋਧ ਪ੍ਰਦਰਸ਼ਨ ਦਰਮਿਆਨ ਵੱਡਾ ਫੈਸਲਾ ਲੈਂਦਿਆਂ JSSC-CGL ਪ੍ਰੀਖਿਆ ਰੱਦ ਕਰ ਦਿੱਤੀ ਹੈ। ਇਸ ਦੇ ਨਾਲ ਹੀ TSR Data Processing Private Limited (TDPL) ਵੱਲੋਂ ਕਰਵਾਈਆਂ ਗਈਆਂ ਪ੍ਰੀਖਿਆਵਾਂ, ਜਾਰੀ ਨਤੀਜੇ ਅਤੇ ਚੋਣ ਪ੍ਰਕਿਰਿਆਵਾਂ ਵੀ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ।
ਮੁੱਖ ਮੰਤਰੀ ਹੇਮੰਤ ਸੋਰੇਨ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਕੈਬਨਿਟ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਸਰਕਾਰ ਨੇ 2014 ਤੋਂ ਹੁਣ ਤੱਕ JPSC ਅਤੇ JSSC ਵੱਲੋਂ ਕਰਵਾਈਆਂ ਭਰਤੀ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਦੀ ਵਿਆਪਕ ਜਾਂਚ ਦਾ ਵੀ ਐਲਾਨ ਕੀਤਾ ਹੈ। SIT ਅਤੇ CID ਦੀ ਜਾਂਚ ਵਿੱਚ ਕਈ ਗੰਭੀਰ ਤੱਥ ਸਾਹਮਣੇ ਆਉਣ ਦੀ ਗੱਲ ਕਹੀ ਗਈ ਹੈ।
ਸਰਕਾਰ ਨੇ ਭਵਿੱਖ ਦੀਆਂ ਪ੍ਰੀਖਿਆਵਾਂ ਨੂੰ ਹੋਰ ਪਾਰਦਰਸ਼ੀ ਬਣਾਉਣ ਲਈ SOPs ਮਜ਼ਬੂਤ ਕਰਨ ਅਤੇ ਪ੍ਰਸ਼ਨ ਪੱਤਰ ਦੀ ਸੁਰੱਖਿਆ, ਮੁਲਾਂਕਣ ਤੇ ਨਤੀਜਿਆਂ ਦੀ ਪ੍ਰਕਿਰਿਆ ਵਿੱਚ ਸੁਧਾਰ ਕਰਨ ਦਾ ਫੈਸਲਾ ਕੀਤਾ ਹੈ। IAS ਅਧਿਕਾਰੀ ਅਮਿਤਾਭ ਕੌਸ਼ਲ ਦੀ ਅਗਵਾਈ ਹੇਠ ਇੱਕ ਕਮੇਟੀ ਵੀ ਬਣਾਈ ਗਈ ਹੈ।
ਇਸ ਫੈਸਲੇ ਦਾ ਰਾਂਚੀ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਸਵਾਗਤ ਕੀਤਾ। ਵਿਦਿਆਰਥੀ ਆਗੂ ਦੇਵੇਂਦਰ ਨਾਥ ਮਹਤੋ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਹੈ, ਪਰ ਸਿੱਖਿਆ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਲਈ ਸੰਘਰਸ਼ ਜਾਰੀ ਰਹੇਗਾ। ਪਿਯੂਸ਼ ਕੁਮਾਰ ਨੇ ਇਸਨੂੰ ਅੰਦੋਲਨ ਦਾ “ਪਹਿਲਾ ਕਦਮ” ਦੱਸਦਿਆਂ CBI ਜਾਂਚ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।
ਹਾਲਾਂਕਿ JSSC-CGL ਪਾਸ ਉਮੀਦਵਾਰਾਂ ਦੇ ਇੱਕ ਧੜੇ ਨੇ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ, ਪੂਰੀ ਪ੍ਰੀਖਿਆ ਰੱਦ ਨਾ ਕੀਤੀ ਜਾਵੇ। ਉਨ੍ਹਾਂ ਨੇ ਆਪਣੇ ਹੱਕਾਂ ਲਈ ਕਾਨੂੰਨੀ ਰਾਹ ਅਪਣਾਉਣ ਦੀ ਗੱਲ ਕਹੀ।






