ਚੰਡੀਗੜ੍ਹ : ਕੇਂਦਰ ਅਤੇ ਪੰਜਾਬ ਸਰਕਾਰਾਂ ਵੱਲੋਂ ਲਿਆਂਦੀਆਂ ਜਾ ਰਹੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਬੀਤੇ ਦਿਨ ਚੰਡੀਗੜ੍ਹ ਵਿੱਚ ਵੱਡੇ ਪੱਧਰ ’ਤੇ ਸੰਯੁਕਤ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਬਿਜਲੀ ਬੋਰਡ ਦੇ ਫੇਜ਼-1 ਕੰਪਲੈਕਸ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਅਤੇ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਦਿੱਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਸਰਕਾਰਾਂ ਵੱਲੋਂ ਪਬਲਿਕ ਅਦਾਰਿਆਂ ਦੇ ਨਿੱਜੀਕਰਨ, ਮੁਕਤ ਵਪਾਰ ਸਮਝੌਤਿਆਂ, ਬਿਜਲੀ ਐਕਟ 2025, ਸੀਡ ਬਿਲ, ਚਾਰ ਲੇਬਰ ਕੋਡ ਲਾਗੂ ਕਰਨ ਅਤੇ ਮਨਰੇਗਾ ਵਰਗੇ ਕਾਨੂੰਨਾਂ ਨੂੰ ਕਮਜ਼ੋਰ ਜਾਂ ਰੱਦ ਕਰਨ ਦੀਆਂ ਕੋਸ਼ਿਸ਼ਾਂ ਦਾ ਕੜਾ ਵਿਰੋਧ ਕੀਤਾ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਨੀਤੀਆਂ ਆਮ ਲੋਕਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕਾਂ ’ਤੇ ਸਿੱਧਾ ਹਮਲਾ ਹਨ।
ਧਰਨੇ ਤੋਂ ਬਾਅਦ ਹੜਤਾਲੀ ਕਰਮਚਾਰੀਆਂ ਵੱਲੋਂ ਵੇਰਕਾ ਚੌਂਕ ਤੱਕ ਪੈਦਲ ਮਾਰਚ ਕੀਤਾ ਗਿਆ। ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ Narendra Modi, ਅਮਰੀਕੀ ਰਾਸ਼ਟਰਪਤੀ Donald Trump ਅਤੇ ਪੰਜਾਬ ਦੇ ਮੁੱਖ ਮੰਤਰੀ Bhagwant Mann ਦੇ ਪੁਤਲੇ ਵੀ ਸਾੜੇ ਗਏ।
ਅੱਜ ਦੀ ਹੜਤਾਲ ਵਿੱਚ ਐਸ.ਕੇ.ਐਮ. ਪੰਜਾਬ, ਮਜ਼ਦੂਰ ਜਥੇਬੰਦੀਆਂ, ਸਨਅਤੀ ਅਤੇ ਵਿਦਿਆਰਥੀ ਸੰਗਠਨਾਂ ਨੇ ਭਾਗ ਲਿਆ। ਪਾਰਵਕਾਮ ਵੱਲੋਂ ਟੀ.ਐਸ.ਯੂ. (ਭੰਗਲ), ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਸੀ.ਐਚ.ਬੀ. ਠੇਕਾ ਮੁਲਾਜ਼ਮ ਯੂਨੀਅਨ ਦੇ ਕਰਮਚਾਰੀ ਹੜਤਾਲ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਪਾਵਰਕਾਮ ਦੀਆਂ ਜਥੇਬੰਦੀਆਂ, ਪੈਨਸ਼ਨਰਜ਼ ਐਸੋਸੀਏਸ਼ਨ ਅਤੇ ਪੈਨਸ਼ਨ ਯੂਨੀਅਨ ਏਟਕ ਮੋਹਾਲੀ ਵੱਲੋਂ ਵੀ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਗਈ।
ਜਥੇਬੰਦੀਆਂ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਵੱਲੋਂ ਲੋਕ ਵਿਰੋਧੀ ਫ਼ੈਸਲੇ ਵਾਪਸ ਨਾ ਲਏ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।






