ਕਿਲਾ ਰਾਏਪੁਰ: ਵਿਸ਼ਵ-ਪ੍ਰਸਿੱਧ ਕਿਲਾ ਰਾਏਪੁਰ ਪੇਂਡੂ ਓਲੰਪਿਕ ਮੰਗਲਵਾਰ ਨੂੰ ਪਿੰਡ ਕਿਲਾ ਰਾਏਪੁਰ ਦੇ ਖੇਡ ਸਟੇਡੀਅਮ ਵਿੱਚ ਬਹੁਤ ਉਤਸ਼ਾਹ ਅਤੇ ਧੂਮਧਾਮ ਨਾਲ ਸ਼ੁਰੂ ਹੋਏ। ਲਗਭਗ 12 ਸਾਲਾਂ ਦੇ ਅੰਤਰਾਲ ਤੋਂ ਬਾਅਦ ਬੈਲ ਗੱਡੀਆਂ ਦੀਆਂ ਦੌੜਾਂ ਦੀ ਮੁੜ ਸ਼ੁਰੂਆਤ ਇਸ ਸਾਲ ਦੇ ਓਲੰਪਿਕ ਦਾ ਸਭ ਤੋਂ ਵੱਡਾ ਆਕਰਸ਼ਣ ਬਣੀ, ਜਿਸ ਨਾਲ ਦਰਸ਼ਕਾਂ ਦਾ ਭਾਰੀ ਇਕੱਠ ਵੇਖਣ ਨੂੰ ਮਿਲਿਆ।
ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਅਤੇ ਡਾ. ਕੇ.ਐਨ.ਐਸ. ਕੰਗ ਵੀ ਹਾਜ਼ਰ ਸਨ।
ਮੰਤਰੀ ਖੁੱਡੀਆਂ ਨੇ ਬੈਲ-ਗੱਡੀਆਂ ਦੀਆਂ ਦੌੜਾਂ ਦੀ ਸੱਭਿਆਚਾਰਕ ਮਹੱਤਤਾ ਉਜਾਗਰ ਕਰਦਿਆਂ ਕਿਹਾ ਕਿ ਇਹ ਖੇਡਾਂ ਪੰਜਾਬ ਦੀਆਂ ਇਤਿਹਾਸਕ ਪੇਂਡੂ ਜੜ੍ਹਾਂ ਨਾਲ ਡੂੰਘਾ ਸਬੰਧ ਰੱਖਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ‘ਜਾਨਵਰਾਂ ’ਤੇ ਅੱਤਿਆਚਾਰ ਦੀ ਰੋਕਥਾਮ (ਪੰਜਾਬ ਸੋਧ) ਐਕਟ 2025’ ਪਾਸ ਕਰਨ ਨਾਲ ਕਾਨੂੰਨੀ ਰੁਕਾਵਟਾਂ ਦੂਰ ਹੋਈਆਂ ਅਤੇ ਸੁਰੱਖਿਆ ਮਾਪਦੰਡਾਂ ਦੇ ਨਾਲ ਇਹ ਦੌੜਾਂ ਮੁੜ ਸੰਭਵ ਹੋ ਸਕੀਆਂ।
ਉਨ੍ਹਾਂ ਨੇ ਉਮੀਦ ਜਤਾਈ ਕਿ ਕਿਲਾ ਰਾਏਪੁਰ ਪੇਂਡੂ ਓਲੰਪਿਕ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਖੇਤਰਾਂ ਦੀ ਛੁਪੀ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਓਲੰਪਿਕ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਦੇ ਤਗਮਾ ਜੇਤੂਆਂ ਲਈ ਨਕਦ ਇਨਾਮਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਸਿਵਲ ਸੇਵਾਵਾਂ (PCS) ਅਤੇ ਪੰਜਾਬ ਪੁਲਿਸ ਸੇਵਾਵਾਂ (PPS) ਵਿੱਚ ਵੱਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਮੰਤਰੀ ਨੇ ਦੱਸਿਆ ਕਿ ਸਰਕਾਰ ਨੇ ਯੋਗਤਾ ਅਧਾਰਿਤ ਲਗਭਗ 64,000 ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ ਅਤੇ ਲਗਭਗ 40,000 ਕਿਲੋਮੀਟਰ ਸੜਕਾਂ ਦੇ ਨਿਰਮਾਣ/ਅਪਗ੍ਰੇਡ ਦਾ ਇਤਿਹਾਸਕ ਕੰਮ ਕੀਤਾ ਗਿਆ ਹੈ। ਇਸ ਤੋਂ ਇਲਾਵਾ 600 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਯੋਜਨਾ ਨਾਲ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਏ ਹਨ।
ਇਸ ਮੌਕੇ ਮੰਤਰੀ ਖੁੱਡੀਆਂ ਨੇ ਖੇਤਰ ਵਿੱਚ ਪਸ਼ੂਆਂ ਦੀਆਂ ਉੱਚ-ਗੁਣਵੱਤਾ ਡਾਕਟਰੀ ਸੇਵਾਵਾਂ ਲਈ ਪਸ਼ੂ ਹਸਪਤਾਲ ਨੂੰ 30 ਲੱਖ ਰੁਪਏ ਦੀ ਗ੍ਰਾਂਟ ਦਾ ਐਲਾਨ ਕੀਤਾ।
ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਐਸ.ਡੀ.ਐਮ ਜਸਲੀਨ ਕੌਰ ਭੁੱਲਰ, ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ, ਕਿਲਾ ਰਾਏਪੁਰ ਸਪੋਰਟਸ ਸੋਸਾਇਟੀ ਦੇ ਨੁਮਾਇੰਦੇ ਅਤੇ ਪੰਜਾਬ ਭਰ ਤੋਂ ਆਈਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।
19 ਫਰਵਰੀ ਤੱਕ ਚੱਲਣ ਵਾਲੀਆਂ ਇਹ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਦੇ ਨਾਲ ਕਬੱਡੀ, ਹਾਕੀ, ਐਥਲੈਟਿਕਸ, ਸਾਈਕਲਿੰਗ, ਰੱਸਾਕਸ਼ੀ ਸਮੇਤ ਕਈ ਰਵਾਇਤੀ ਮੁਕਾਬਲੇ ਕਰਵਾਏ ਜਾ ਰਹੇ ਹਨ। ਬੈਲ ਗੱਡੀਆਂ ਦੀਆਂ ਦੌੜਾਂ ਦੀ ਪੁਨਰ ਸੁਰਜੀਤੀ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਵੱਸਦੇ ਪੰਜਾਬੀਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।






