Saturday, July 18, 2026
Home Punjab ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਾ ਵੱਡਾ ਬਦਲਾਅ, 29 ਮਈ ਲਈ ਰੈੱਡ ਅਲਰਟ ਜਾਰੀ

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਦਾ ਵੱਡਾ ਬਦਲਾਅ, 29 ਮਈ ਲਈ ਰੈੱਡ ਅਲਰਟ ਜਾਰੀ

0
21

ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਵੱਲੋਂ ਅੱਜ (29 ਮਈ) ਲਈ ਰੈੱਡ ਅਲਰਟ ਜਾਰੀ ਕਰਦਿਆਂ ਭਾਰੀ ਗਰਜ-ਚਮਕ, ਤੇਜ਼ ਮੀਂਹ ਅਤੇ ਬਿਜਲੀ ਡਿੱਗਣ ਦੀ ਚੇਤਾਵਨੀ ਦਿੱਤੀ ਗਈ ਹੈ। ਕੁਝ ਇਲਾਕਿਆਂ ਵਿੱਚ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਜਤਾਈ ਗਈ ਹੈ।

ਮੌਸਮ ਵਿਭਾਗ ਅਨੁਸਾਰ ਸੂਬੇ ਦੇ ਕਈ ਹਿੱਸਿਆਂ ਵਿੱਚ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿੱਚ ਆਏ ਬਦਲਾਅ ਕਾਰਨ ਤਾਪਮਾਨ ਵਿੱਚ ਵੀ ਕਮੀ ਦਰਜ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ ਕੱਲ੍ਹ ਦੇ ਮੁਕਾਬਲੇ 2.1 ਡਿਗਰੀ ਸੈਲਸੀਅਸ ਘੱਟ ਰਿਹਾ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 1 ਤੋਂ 4 ਡਿਗਰੀ ਤੱਕ ਘਟਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਤੇਜ਼ ਹਨੇਰੀ, ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੌਸਮ ਵਿਭਾਗ ਨੇ ਦੱਸਿਆ ਕਿ ਮੌਜੂਦਾ ਮੌਸਮੀ ਪ੍ਰਣਾਲੀਆਂ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਅਨੁਕੂਲ ਹਾਲਾਤ ਪੈਦਾ ਕਰ ਰਹੀਆਂ ਹਨ। ਅਰਬ ਸਾਗਰ, ਲਕਸ਼ਦੀਪ ਖੇਤਰ ਅਤੇ ਬੰਗਾਲ ਦੀ ਖਾੜੀ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦੀ ਗਤੀ ਤੇਜ਼ ਹੋ ਸਕਦੀ ਹੈ ਅਤੇ ਅਗਲੇ ਦੋ ਤੋਂ ਤਿੰਨ ਦਿਨਾਂ ਦੌਰਾਨ ਇਸ ਦੇ ਹੋਰ ਅੱਗੇ ਵਧਣ ਦੀ ਉਮੀਦ ਹੈ। ਇਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਬਾਰਿਸ਼ ਦੀ ਗਤੀਵਿਧੀ ਵਧ ਸਕਦੀ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 29 ਅਤੇ 30 ਮਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 31 ਮਈ ਨੂੰ ਕੁਝ ਥਾਵਾਂ ‘ਤੇ ਹੀ ਮੀਂਹ ਪੈਣ ਦੀ ਉਮੀਦ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।

LEAVE A REPLY

Please enter your comment!
Please enter your name here