ਅੰਮ੍ਰਿਤਸਰ: ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ ਘਰਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਅਨੁਸਾਰ ਐਤਵਾਰ ਨੂੰ ਘਰਿੰਡਾ ਥਾਣੇ ਦੀ ਪੁਲਿਸ ਟੀਮ ਅਟਾਰੀ ਟੀ-ਪੁਆਇੰਟ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਨੌਸ਼ਹਿਰਾ ਢਾਲਾ ਵਾਸੀ ਗੁਰਪ੍ਰੀਤ ਸਿੰਘ ਅਤੇ ਢੋਡੀਵਿੰਡ ਵਾਸੀ ਅਮਨਦੀਪ ਸਿੰਘ, ਜੋ ਇਸ ਸਮੇਂ ਅਟਾਰੀ ਵਿੱਚ ਰਹਿ ਰਹੇ ਹਨ, ਹੈਰੋਇਨ ਦੀ ਸਪਲਾਈ ਕਰਨ ਲਈ ਪੈਦਲ ਡਿਫੈਂਸ ਨਹਿਰ ਵੱਲ ਆ ਰਹੇ ਹਨ।
ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਨੇ ਨਿਰਧਾਰਤ ਸਥਾਨ ’ਤੇ ਨਾਕਾਬੰਦੀ ਕੀਤੀ। ਕੁਝ ਸਮੇਂ ਬਾਅਦ ਦੋਵੇਂ ਸ਼ੱਕੀ ਵਿਅਕਤੀ ਉੱਥੇ ਪਹੁੰਚੇ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਇਹ ਕਾਰਵਾਈ ਅਟਾਰੀ ਸਬ-ਡਿਵੀਜ਼ਨ ਦੇ ਡੀਐਸਪੀ ਯਾਦਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਕੀਤੀ ਗਈ।
ਪੁਲਿਸ ਵੱਲੋਂ ਦੋਵਾਂ ਦੀ ਤਲਾਸ਼ੀ ਲੈਣ ’ਤੇ ਕੁੱਲ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 21-C, 29 ਅਤੇ 61-85 ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜਾਂਚ ਏਐਸਆਈ ਲਾਖਾ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹੈਰੋਇਨ ਦੇ ਸਰੋਤ ਅਤੇ ਇਸ ਨੂੰ ਅੱਗੇ ਸਪਲਾਈ ਕਰਨ ਵਾਲੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕੇ। ਪੁਲਿਸ ਨੂੰ ਉਮੀਦ ਹੈ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਨਾਲ ਜੁੜੇ ਹੋਰ ਵਿਅਕਤੀਆਂ ਬਾਰੇ ਵੀ ਅਹਿਮ ਜਾਣਕਾਰੀ ਸਾਹਮਣੇ ਆ ਸਕਦੀ ਹੈ।





