HomeUncategorizedਕੈਨੇਡਾ ਤੋਂ ਆਈ ਵੱਡੀ ਪੰਥਕ ਆਵਾਜ਼, ਗੁਰਦੁਆਰਾ ਬਾਬਾ ਦੀਪ ਸਿੰਘ ਨੇ ਹੁਕਮਨਾਮੇ...

ਕੈਨੇਡਾ ਤੋਂ ਆਈ ਵੱਡੀ ਪੰਥਕ ਆਵਾਜ਼, ਗੁਰਦੁਆਰਾ ਬਾਬਾ ਦੀਪ ਸਿੰਘ ਨੇ ਹੁਕਮਨਾਮੇ ‘ਤੇ ਪਹਿਰਾ ਦੇਣ ਦਾ ਕੀਤਾ ਐਲਾਨ

ਬਰੈਂਪਟਨ (ਕੈਨੇਡਾ), 4 ਜੁਲਾਈ: ਕੈਨੇਡਾ ਦੇ ਓਨਟਾਰੀਓ ਸੂਬੇ ਦੇ ਵਾਹਨ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਦੀ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਦੀ ਪੂਰੀ ਹਮਾਇਤ ਕਰਦਿਆਂ ਉਸ ‘ਤੇ ਦ੍ਰਿੜ੍ਹਤਾ ਨਾਲ ਪਹਿਰਾ ਦੇਣ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਤੋਂ ਪਹੁੰਚੇ ਧਾਰਮਿਕ ਆਗੂਆਂ ਦੇ ਇੱਕ ਉੱਚ ਪੱਧਰੀ ਵਫ਼ਦ ਨਾਲ ਹੋਈ ਮੀਟਿੰਗ ਦੌਰਾਨ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰੀ ਮੈਂਬਰ ਬੀਬੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਵਫ਼ਦ ਵਿੱਚ ਐਗਜ਼ੈਕਟਿਵ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ, ਸੰਨੀ ਜੋਗੇਵਾਲ ਅਤੇ ਨਿਰਵੈਰ ਸਿੰਘ ਸੋਤਰਾ ਸਮੇਤ ਹੋਰ ਆਗੂ ਸ਼ਾਮਲ ਸਨ। ਵਫ਼ਦ ਨੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਨਾਲ ਮੀਟਿੰਗ ਕਰਕੇ ਪੰਜਾਬ ਦੇ ਮੌਜੂਦਾ ਪੰਥਕ ਹਾਲਾਤਾਂ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਆਦੇਸ਼ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।

ਇਸ ਮੌਕੇ ਬਾਬਾ ਸਰੂਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਸੰਸਥਾਵਾਂ ਪਿਛਲੇ ਕਰੀਬ 40 ਸਾਲਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਹੁਕਮ ਦਾ ਸਤਿਕਾਰ ਕਰਦੀਆਂ ਆ ਰਹੀਆਂ ਹਨ ਅਤੇ ਮੌਜੂਦਾ ਹੁਕਮਨਾਮੇ ਪ੍ਰਤੀ ਵੀ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਅਥਾਰਟੀ ਦੇ ਫ਼ੈਸਲਿਆਂ ਦੀ ਪਾਲਣਾ ਕਰਨਾ ਹਰ ਸਿੱਖ ਸੰਸਥਾ ਦਾ ਫ਼ਰਜ਼ ਹੈ।

ਗੁਰਦੁਆਰਾ ਸਾਹਿਬ ਵਿੱਚ ਚੱਲ ਰਹੇ ਧਾਰਮਿਕ ਦੀਵਾਨ ਦੌਰਾਨ ਬਾਬਾ ਸਰੂਪ ਸਿੰਘ ਨੇ ਸੰਗਤ ਸਾਹਮਣੇ ਸਟੇਜ ਤੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਖੁੱਲ੍ਹ ਕੇ ਹਮਾਇਤ ਕੀਤੀ, ਜਿਸ ਦਾ ਸੰਗਤ ਨੇ ਜੈਕਾਰਿਆਂ ਨਾਲ ਸਵਾਗਤ ਕੀਤਾ। ਬੀਬੀ ਹਰਜਿੰਦਰ ਕੌਰ ਨੇ ਪੰਥਕ ਏਕਤਾ ‘ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ, ਜਦਕਿ ਹੋਰ ਆਗੂਆਂ ਨੇ ਵੀ ਸਿੱਖ ਸੰਸਥਾਵਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਫ਼ੈਸਲਿਆਂ ਦੇ ਨਾਲ ਡਟ ਕੇ ਖੜ੍ਹਨ ਦੀ ਅਪੀਲ ਕੀਤੀ। ਸਮਾਗਮ ਦੇ ਅੰਤ ਵਿੱਚ ਪੰਜਾਬ ਤੋਂ ਗਏ ਵਫ਼ਦ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments