Home Punjab Malerkotla ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ 195636 ਮੀਟ੍ਰਿਕ ਟਨ ਕਣਕ ਦੀ ਖਰੀਦ ਮੁਕੰਮਲ

ਜ਼ਿਲੇ ਦੀਆਂ ਸਮੂਹ ਮੰਡੀਆਂ ਵਿੱਚ 195636 ਮੀਟ੍ਰਿਕ ਟਨ ਕਣਕ ਦੀ ਖਰੀਦ ਮੁਕੰਮਲ

0
33

ਮਾਲੇਰਕੋਟਲਾ, 30 ਅਪ੍ਰੈਲ –

ਹੁਣ ਤੱਕ ਕਰੀਬ 488 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਹੋਈ ਜਾਰੀ  

ਜ਼ਿਲ੍ਹੇ ਵਿੱਚ ਰਬੀ ਸੀਜ਼ਨ ਦੌਰਾਨ ਕਣਕ ਦੀ ਖਰੀਦ ਪ੍ਰਕਿਰਿਆ ਸੁਚੱਜੇ ਢੰਗ ਨਾਲ ਜਾਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਅਤੇ ਅਦਾਇਗੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲਾ ਪ੍ਰਸ਼ਾਸ਼ਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 195636 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਲਗਾਤਾਰ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਕਰੀਬ 488 ਕਰੋੜ ਰੁਪਏ ਦੀ ਰਕਮ ਸਿੱਧੇ ਤੌਰ ‘ਤੇ ਕਿਸਾਨਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਖਰੀਦ ਕਾਰਜ ਵਿੱਚ ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਵੇਅਰਹਾਊਸ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਸਰਗਰਮ ਭੂਮਿਕਾ ਨਿਭਾਈ ਜਾ ਰਹੀ ਹੈ। ਹੁਣ ਤੱਕ ਪਨਗਰੇਨ ਵੱਲੋਂ 109624 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 16640 ਮੀਟ੍ਰਿਕ ਟਨ, ਪਨਸਪ ਵੱਲੋਂ 29745 ਮੀਟ੍ਰਿਕ ਟਨ, ਵੇਅਰ ਹਾਊਸ ਵੱਲੋਂ 39497 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 130 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਉਪਲਬੱਧਤਾ, ਸਾਫ ਪੀਣ ਵਾਲਾ ਪਾਣੀ, ਬਿਜਲੀ, ਪਖਾਨੇ ਅਤੇ ਸਫਾਈ ਸਮੇਤ ਸਾਰੇ ਬੁਨਿਆਦੀ ਪ੍ਰਬੰਧ ਪੂਰੀ ਤਰ੍ਹਾਂ ਯਕੀਨੀ ਬਣਾਏ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਅਸੁਵਿਧਾ ਨਾ ਹੋਵੇ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਸਰਗਰਮ ਯੋਗਦਾਨ ਪਾਉਣ।

LEAVE A REPLY

Please enter your comment!
Please enter your name here